ਪਠਾਨਕੋਟ, 18 ਜੁਲਾਈ (ਸੁਮਿਤ)-ਅਮਰਨਾਥ ਯਾਤਰਾ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਲਈ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਪੰਜਾਬ-ਜੰਮੂ ਸਰਹੱਦ ਸਥਿਤ ਚੱਕੀ ਪੁਲ ਦੇ ਹਾਈਟੈਕ ਨਾਕੇ ‘ਤੇ ਸੁਰੱਖਿਆ ਪ੍ਰਬੰਧ ਹੋਰ ਵੀ ਮਜ਼ਬੂਤ ਕਰ ਦਿੱਤੇ ਗਏ ਹਨ। ਇਥੋਂ ਲੰਘਣ ਵਾਲੇ ਹਰ ਛੋਟੇ-ਵੱਡੇ ਵਾਹਨ ਦੀ ਆਧੁਨਿਕ ਉਪਕਰਨਾਂ ਦੀ ਮਦਦ ਨਾਲ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਕੇ ‘ਤੇ ਤਾਇਨਾਤ ਪੁਲਿਸ ਅਧਿਕਾਰੀ ਤੇ ਜਵਾਨ ਸ਼ੱਕੀ ਵਾਹਨਾਂ, ਵਿਅਕਤੀਆਂ ਅਤੇ ਸਾਮਾਨ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਨ। ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੇ ਨਾਲ-ਨਾਲ ਯਾਤਰੀਆਂ ਦੀ ਪਹਿਚਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਹਾਈਟੈਕ ਕੈਮਰਿਆਂ ਅਤੇ ਹੋਰ ਸੁਰੱਖਿਆ ਉਪਕਰਨਾਂ ਦੀ ਮਦਦ ਨਾਲ ਹਰ ਗਤੀਵਿਧੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਰਨਾਥ ਯਾਤਰਾ ਦੌਰਾਨ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਇਸੇ ਮਕਸਦ ਨਾਲ ਪੰਜਾਬ ਵਿਚ ਦਾਖਲ ਹੋਣ ਵਾਲੇ ਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਰੇ ਵਾਹਨਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡੌਗ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਵੀ ਸਮੇਂ-ਸਮੇਂ ‘ਤੇ ਨਾਕਿਆਂ ਦਾ ਨਿਰੀਖਣ ਕਰ ਰਹੀਆਂ ਹਨ। ਪ੍ਰਸ਼ਾਸਨ ਨੇ ਯਾਤਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਾਂਚ ਦੌਰਾਨ ਪੁਲਿਸ ਦਾ ਸਹਿਯੋਗ ਕਰਨ ਅਤੇ ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਰੱਖਣ। ਸੁਰੱਖਿਆ ਜਾਂਚ ਵਿਚ ਕੁਝ ਵਾਧੂ ਸਮਾਂ ਲੱਗ ਸਕਦਾ ਹੈ। ਪਰ ਇਹ ਸਾਰੇ ਯਾਤਰੀਆਂ ਦੀ ਸੁਰੱਖਿਆ ਲਈ ਜ਼ਰੂਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਯਾਤਰਾ ਸਮਾਪਤ ਹੋਣ ਤੱਕ ਪੂਰੇ ਇਲਾਕੇ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਲਾਗੂ ਰਹਿਣਗੇ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਲਗਾਤਾਰ ਨਿਗਰਾਨੀ ਜਾਰੀ ਰਹੇਗੀ।