11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਰਾਸਤੀ ਮੰਚ ਬਟਾਲਾ ਨੇ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਵਿਰਾਸਤਾਂ ਦੀ ਸੰਭਾਲ ਲਈ ਕੇਂਦਰ ਸਰਕਾਰ ਕੋਲੋਂ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 20-07-2026
ਬਟਾਲਾ, 19 ਜੁਲਾਈ (ਸਤਿੰਦਰ ਸਿੰਘ)–ਵਿਰਾਸਤਾਂ ਦੀ ਸੰਭਾਲ ਤੇ ਸੁਰੱਖਿਆ ਲਈ ਕੰਮ ਕਰ ਰਹੀ ਨਾਮਵਰ ਸੰਸਥਾ ਵਿਰਾਸਤੀ ਮੰਚ ਬਟਾਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਭਰ ਵਿਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਯਾਦਗਾਰਾਂ ਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇ। ਸੰਸਥਾ ਨੇ ਇਹ ਵੀ ਅਪੀਲ ਕੀਤੀ ਕਿ ਮਹਾਨ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ ਅਤੇ ਉਨ੍ਹਾਂ ਦੇ ਗੌਰਵਮਈ ਇਤਿਹਾਸ ਨੂੰ ਦੇਸ਼ ਭਰ ਦੇ ਸਕੂਲੀ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਨਵੀਂ ਪੀੜ੍ਹੀ ਉਨ੍ਹਾਂ ਦੇ ਜੀਵਨ, ਨਿਆਂ, ਧਾਰਮਿਕ ਸਹਿਣਸ਼ੀਲਤਾ ਤੇ ਲੋਕ-ਭਲਾਈ ’ਤੇ ਆਧਾਰਿਤ ਸ਼ਾਸਨ ਤੋਂ ਜਾਣੂ ਹੋ ਸਕੇ। ਵਿਰਾਸਤੀ ਮੰਚ ਦੇ ਚੇਅਰਮੈਨ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ ਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਇਹ ਸਵਾਗਤਯੋਗ ਗੱਲ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਿਆਂਪੂਰਨ, ਧਰਮ ਨਿਰਪੱਖ ਅਤੇ ਲੋਕ-ਹਿਤੈਸ਼ੀ ਰਾਜ ਦੀ ਗੱਲ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਤਸਵੀਰਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਭੇਟ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਮੇਤ ਕਈ ਸੂਬਿਆਂ ਵਿਚ ਸਰਕਾਰ ਹੈ ਤਾਂ ਉਸ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਤੇ ਵਿਰਾਸਤ ਨੂੰ ਦੇਸ਼ ਪੱਧਰ ’ਤੇ ਪ੍ਰਮੁੱਖਤਾ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਵਿਰਾਸਤੀ ਮੰਚ ਨੇ ਮੰਗ ਕੀਤੀ ਕਿ ਪੰਜਾਬ ਸਮੇਤ ਦੇਸ਼ ਭਰ ਵਿਚ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਸਾਰੀਆਂ ਇਤਿਹਾਸਕ ਯਾਦਗਾਰਾਂ ਦੀ ਵਿਸ਼ੇਸ਼ ਤੌਰ ’ਤੇ ਸੰਭਾਲ ਤੇ ਵਿਕਾਸ ਕੀਤਾ ਜਾਵੇ। ਸੰਸਥਾ ਨੇ ਅੰਮ੍ਰਿਤਸਰ ਸਥਿਤ ਕਿਲ੍ਹਾ ਗੋਬਿੰਦਗੜ੍ਹ, ਰਾਮ ਬਾਗ (ਕੰਪਨੀ ਬਾਗ), ਪੁੱਲ ਮੋਰਾਂ, ਬਟਾਲਾ ਦਾ ਜਲ ਮਹਿਲ, ਮਹਾਰਾਜਾ ਸ਼ੇਰ ਸਿੰਘ ਪੈਲੇਸ, ਦੀਨਾਨਗਰ ਦੀ ਬਾਰਾਂਦਰੀ, ਫਿਲੌਰ ਦਾ ਕਿਲ੍ਹਾ, ਰੋਪੜ ਸਥਿਤ ਸਰਕਾਰ-ਏ-ਖ਼ਾਲਸਾ ਦੀ ਚੌਂਕੀ ਅਤੇ ਸੰਧੀ ਸਥਾਨ ਸਮੇਤ ਹੋਰ ਇਤਿਹਾਸਕ ਸਥਾਨਾਂ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਅਪੀਲ ਕੀਤੀ। ਵਿਰਾਸਤੀ ਮੰਚ ਨੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਕੋਲ ਇਨ੍ਹਾਂ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਤੇ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਵਿਰਾਸਤਾਂ ਦੀ ਰੱਖਿਆ ਲਈ ਸਾਰਥਕ ਯਤਨ ਕਰਨ। ਅਹੁਦੇਦਾਰਾਂ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਸ਼ਵ ਇਤਿਹਾਸ ਦੇ ਮਹਾਨ ਸ਼ਾਸਕਾਂ ਵਿਚੋਂ ਇਕ ਸਨ, ਜਿਨ੍ਹਾਂ ਨੇ ਨਿਆਂ, ਧਾਰਮਿਕ ਸਹਿਣਸ਼ੀਲਤਾ ਅਤੇ ਲੋਕ-ਭਲਾਈ ’ਤੇ ਆਧਾਰਿਤ ਸ਼ਾਸਨ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਜੋ ਵੀ ਰਾਜਨੀਤਿਕ ਪਾਰਟੀਆਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਆਦਰਸ਼ ਦੱਸਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੀ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ਲਈ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਵਿਰਾਸਤੀ ਮੰਚ ਬਟਾਲਾ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਕੋਲੋਂ ਵੀ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਵੀ ਮਹਾਰਾਜਾ ਰਣਜੀਤ ਸਿੰਘ ਦੀਆਂ ਯਾਦਗਾਰਾਂ ਨੂੰ ਸੰਭਾਲਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਮੌਕੇ ਵਿਰਾਸਤੀ ਮੰਚ ਬਟਾਲਾ ਦੇ ਅਹੁਦੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸ਼ਮਸ਼ੇਰ ਸਿੰਘ ਮੱਲੀ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਕੌਂਸਲਰ ਦਿਲਸ਼ੇਰ ਸਿੰਘ ਚੱਠਾ, ਵੈਬੀਜੋਤ ਸਿੰਘ ਕਾਹਲੋਂ, ਵਰਿੰਦਰ ਸਿੰਘ ਅੰਮੋਨੰਗਲ, ਹਰਵਿੰਦਰ ਸਿੰਘ ਹਰਪੁਰਾ, ਅਨੁਰਾਗ ਮਹਿਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੱਦੀ ਨਾਲੇ ’ਤੇ ਬਣੇ ਪੁਲ ਦੀ ਰੇਲਿੰਗ ਟੁੱਟਣ ਕਾਰਨ ਕਿਸੇ ਸਮੇਂ ਵੀ ਵਾਪਰ ਸਕਦਾ ਵੱਡਾ ਹਾਦਸਾ * ਸੰਬੰਧਿਤ ਵਿਭਾਗ ਸੁੱਤਾ... ਅਗਲੀ ਖ਼ਬਰ ਪੰਜਾਬ ਸਰਕਾਰ ਡੇਢ ਲੱਖ ਲੋਕਾਂ ਨੂੰ ਤੀਰਥ ਯਾਤਰਾ ਕਰਵਾਉਣ ਦੀ ਤਿਆਰੀ ਕਰ ਰਹੀ : ਅਰਵਿੰਦ ਕੇਜਰੀਵਾਲ
Ad Position 24