ਵਡਾਲਾ ਗ੍ਰੰਥੀਆਂ, 21 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨੀਟ ਦੇ ਪੇਪਰ ਲੀਕ ਮੁੱਦੇ ਸਮੇਤ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ, ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਕਰਨ ਅਤੇ ਪੰਡਾਲ ਦੀ ਤੋੜ-ਭੰਨ ਕਰ ਕੇ ਧਰਨਾ ਜਬਰੀ ਉਠਾਉਣ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਸੂਬਾ ਉਪ ਚੇਅਰਮੈਨ ਇੰਜੀ. ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਪੇਪਰ ਲੀਕ, ਬੇਰੁਜ਼ਗਾਰੀ, ਭ੍ਰਿਸ਼ਟ ਸਿੱਖਿਆ ਪ੍ਰਣਾਲੀ ਅਤੇ ਹੋਰ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ’ਤੇ ਸ਼ਾਂਤੀਪੂਰਨ ਤੇ ਜਮਹੂਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਗੱਲਬਾਤ ਦਾ ਰਸਤਾ ਅਪਣਾਉਣ ਦੀ ਬਜਾਏ ਆਵਾਜ਼ਾਂ ਨੂੰ ਦਬਾਉਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ, ਪਰ ਕਿਸੇ ਵੀ ਲੋਕਤੰਤਰੀ ਦੇਸ਼ ਵਿਚ ਵਿਦਿਆਰਥੀਆਂ ਦੀ ਆਵਾਜ਼ ਨੂੰ ਲਾਠੀ ਤੇ ਜ਼ਬਰ ਨਾਲ ਨਹੀਂ ਦਬਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮੁੱਦਿਆਂ ਦਾ ਹੱਲ ਗੱਲਬਾਤ ਅਤੇ ਪਾਰਦਰਸ਼ੀ ਨੀਤੀਆਂ ਰਾਹੀਂ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਕਾਰਵਾਈਆਂ ਰਾਹੀਂ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ, ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁੱਕਵੇਂ ਕਦਮ ਚੁੱਕੇ ਜਾਣ।