ਡੇਹਰੀਵਾਲ ਦਰੋਗਾ, 22 ਜੁਲਾਈ (ਹਰਦੀਪ ਸਿੰਘ ਸੰਧੂ)-ਸਬ-ਡਵੀਜ਼ਨ ਡੇਹਰੀਵਾਲ ਦਰੋਗਾ ਦੇ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਤੇ 20 ਫ਼ੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਕਿਸ਼ਤ ਜਾਰੀ ਨਾ ਕਰਨ ਦੇ ਵਿਰੋਧ ’ਚ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਮੌਕੇ ਸਰਕਲ ਸਕੱਤਰ ਸੁਖਵਿੰਦਰ ਸਿੰਘ ਗਿੱਲ ਅਤੇ ਬਾਰਡਰ ਜ਼ੋਨ ਦੇ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਵਰਗ ਨਾਲ ਕੀਤੇ ਵਾਅਦਿਆਂ ਤੋਂ ਲਗਾਤਾਰ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨਾ ਤੇ ਬਣਦਾ ਡੀ.ਏ. ਜਾਰੀ ਨਾ ਕਰਨਾ ਮੁਲਾਜ਼ਮਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਇਕਜੁੱਟ ਰਹਿਣ ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਦੱਸਿਆ ਕਿ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ’ਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮ 21 ਤੇ 22 ਜੁਲਾਈ ਨੂੰ 2 ਦਿਨਾਂ ਦੀ ਸਮੂਹਿਕ ਛੁੱਟੀ ’ਤੇ ਰਹਿਣਗੇ, ਜਿਸ ਦਾ ਸਬ-ਡਵੀਜ਼ਨ ਡੇਹਰੀਵਾਲ ਦੇ ਸਮੂਹ ਮਲਾਜ਼ਮਾਂ ਨੇ ਭਰਵਾਂ ਸਮਰਥਨ ਦਿੰਦਿਆਂ ਸੰਘਰਸ਼ ਨੂੰ ਕਾਮਯਾਬ ਬਣਾਉਣ ਦਾ ਅਹਿਦ ਕੀਤਾ। ਇਸ ਮੌਕੇ ਨਿਰਵੈਰ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ, ਯਾਦਵਿੰਦਰ ਸਿੰਘ, ਨਿਰਮਲ ਸਿੰਘ, ਰਜਿੰਦਰ ਸਿੰਘ, ਰਛਪਾਲ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਸਤਿੰਦਰਪਾਲ, ਹਰਜੀਤ ਸਿੰਘ, ਅਮਨਦੀਪ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।