ਗੁਰਦਾਸਪੁਰ, 22 ਜੁਲਾਈ (ਅਸ਼ੋਕ ਸ਼ਰਮਾ)-ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ ਤੇ ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਵੀ ਮੌਜੂਦ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ, ਮੁਖਦੇਵ ਸਿੰਘ ਆਲੋਵਾਲ ਨਵ-ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ, ਚਰਨਜੀਤ ਸਿੰਘ ਸਮੇਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਮੈਂਬਰਾਂ ਸਮੇਤ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ। ਅਹੁਦਾ ਸੰਭਾਲਣ ਉਪਰੰਤ ਚੇਅਰਪਰਸਨ ਅਮਨਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਮਿਲੀ ਹੈ ਤੇ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਪ੍ਰਗਟਾਇਆ ਤੇ ਜਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਉਹ ਜ਼ਿਲੇ ਅੰਦਰ ਸਮੂਹਿਕ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਯਕੀਨੀ ਬਨਾਉਣਗੇ ਅਤੇ ਪਿੰਡਾਂ ਅੰਦਰ ਸਰਵਪੱਖੀ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ। ਇਸ ਮੌਕੇ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਤੇ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚਹੁੰਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।