ਸ੍ਰੀ ਹਰਿਗੋਬਿੰਦਪੁਰ, 26 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬਟਾਲਾ ਰੋਡ ’ਤੇ ਸਥਿਤ ਚੌਕ ’ਚ ਇੱਕਤਰ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਸ੍ਰੀ ਹਰਿਗੋਬਿੰਦਪੁਰ ਦਮਦਮਾ ਸਾਹਿਬ ਜ਼ੋਨ ਦੇ ਆਗੂਆਂ ਵਲੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕਿ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਗੁਰਪ੍ਰੀਤ ਸਿੰਘ ਖਾਨਪੁਰ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੰਜਾਬ ਪੁਲਿਸ ਵਲੋਂ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਿਜਲੀ ਕਾਮੇ ਅਤੇ ਕਿਸਾਨਾਂ ’ਤੇ ਹੋਰ ਵਰਗ ਦੇ ਕਰਮਚਾਰੀਆਂ ਅਤੇ ਬੀਬੀਆਂ ’ਤੇ ਲਗਾਤਾਰ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਵਿਰੋਧ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਸਾਰੇ ਮਸਲਿਆਂ ਨੂੰ ਅੱਖੋਂ ਪਰੋਖੇ ਕਰ ਕੇ ਤਸ਼ੱਦਦ ਕਰ ਰਹੀ ਹੈ, ਜੋ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਮੇਂ ਪ੍ਰਧਾਨ ਪਰਮਿੰਦਰ ਸਿੰਘ ਚੀਮਾ ਖੁੱਡੀ, ਦਲਜਿੰਦਰ ਸਿੰਘ ਪਿੰਡਾ ਰੋੜੀ, ਅਜੈਬ ਸਿੰਘ ਚੀਮਾ ਖੁੱਡੀ, ਸਰਵਣ ਸਿੰਘ ਲੱਖਪੁਰ, ਜਸਵੰਤ ਸਿੰਘ ਮੂੜ, ਗੁਰਵਿੰਦਰ ਸਿੰਘ ਬਾਜਵਾ, ਕੁਲਬੀਰ ਸਿੰਘ ਕਾਹਲੋਂ, ਸੁਖਵੰਤ ਸਿੰਘ ਮਾੜੀ ਪੰਨਵਾਂ, ਪ੍ਰਧਾਨ ਦਲਬੀਰ ਸਿੰਘ, ਸੁਖਜਿੰਦਰ ਸਿੰਘ ਭਾਮ ਆਦਿ ਹਾਜ਼ਰ ਸਨ।