ਬਟਾਲਾ, 26 ਜੁਲਾਈ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਾਲਾਨਾ ਜੋੜ ਮੇਲਾ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ ਸਬੰਧੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਸੁਲਤਾਨਪੁਰ ਲੋਧੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆ, ਧਾਰਿਮਕ ਜਥੇਬੰਦੀਆਂ, ਸੰਤ-ਮਹਾਂਪੁਰਸ਼ਾਂ ਤੇ ਸਮੂਹ ਸੰਗਤਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ 2 ਦਿਨ ਦਾ ਕਰਨ ਦੀ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ ਗਈ ਹੈ। ਜਥੇਦਾਰ ਗੋਰਾ ਤੇ ਜੱਸਲ ਨੇ ਦੱਸਿਆ ਕਿ ਪਹਿਲਾਂ ਇਹ ਨਗਰ ਕੀਰਤਨ ਇਕ ਦਿਨ ਦਾ ਹੁੰਦਾ ਸੀ, ਜੋ ਸਵੇਰੇ ਆਰੰਭ ਹੋ ਕੇ ਦੇਰ ਰਾਤ ਬਟਾਲਾ ਵਿਖੇ ਪਹੁੰਚਦਾ ਸੀ, ਜਿਸ ਕਰ ਕੇ ਸੰਗਤਾਂ ਨੂੰ ਨਗਰ ਕੀਰਤਨ ਨੂੰ ਦੇਰ ਰਾਤ ਤੱਕ ਸੜਕਾਂ ’ਤੇ ਖੜੇ ਹੋ ਕਾਫੀ ਇੰਤਜ਼ਾਰ ਕਰਨਾ ਪੈਂਦਾ ਸੀ, ਜਿਸ ਕਰਕੇ ਸੰਗਤਾਂ ਦੀ ਮੰਗ ਸੀ ਇਹ ਨਗਰ ਕੀਰਤਨ 2 ਦਿਨ ਦਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਮੰਗ ’ਤੇ ਵਿਚਾਰ ਕਰਕੇ ਇਸ ਮਹਾਨ ਨਗਰ ਕੀਰਤਨ ਨੂੰ 2 ਦਿਨ ਦਾ ਕੀਤਾ ਗਿਆ ਹੈ। ਜਥੇਦਾਰ ਗੋਰਾ ਤੇ ਜੱਸਲ ਨੇ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ 16 ਸਤੰਬਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਸ਼ਾਮ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰਨਗੇ। ਅਗਲੇ ਦਿਨ 17 ਸਤੰਬਰ ਨੂੰ ਸਵੇਰੇ 7 ਵਜੇ ਬਾਬਾ ਬਕਾਲਾ ਸਾਹਿਬ ਤੋਂ ਇਹ ਨਗਰ ਕੀਰਤਨ ਆਰੰਭ ਹੋ ਕੇ ਬਟਾਲਾ ਸ਼ਹਿਰ ਵਾਸਤੇ ਰਵਾਨਾ ਹੋਵੇਗਾ, ਜੋ ਵੱਖ-ਵੱਖ ਨਗਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਨਗਰ ਕੀਰਤਨ ਪਹੁੰਚੇਗਾ। ਜਥੇਦਾਰ ਗੋਰਾ ਤੇ ਜੱਸਲ ਨੇ ਸ: ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਅਵਤਾਰ ਸਿੰਘ ਮੈਨੇਜਰ ਤੇ ਸੁਲਤਾਨਪੁਰ ਲੋਧੀ ਦੀਆਂ ਸਮੂਹ ਸੰਗਤਾਂ ਦਾ ਨਗਰ ਕੀਰਤਨ ਨੂੰ 2 ਦਿਨ ਦੀ ਬੇਨਤੀ ਨੂੰ ਪ੍ਰਵਾਨਗੀ ਦੇਣ ਲਈ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਸੰਗਤਾਂ ਵਲੋਂ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਤਿੰਦਰ ਸਿੰਘ ਹਸਨਪੁਰ, ਭਾਈ ਸੰਪੂਰਨ ਸਿੰਘ ਗ੍ਰੰਥੀ, ਜਸਵਿੰਦਰ ਸਿੰਘ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਜਸਪਾਲ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਜਰਨੈਲ ਸਿੰਘ ਸਾਬਕਾ ਮੈਨੇਜਰ, ਹਰਜਿੰਦਰ ਸਿੰਘ ਲਾਡੀ, ਸੰਤੋਖ ਸਿੰਘ, ਕਰਨੈਲ ਸਿੰਘ, ਬਾਪੂ ਸੁਰਤ ਸਿੰਘ, ਜਥੇਦਾਰ ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਤਰਸੇਮ ਸਿੰਘ ਲੋਹੀਆਂ, ਮੁਖਤਾਰ ਸਿੰਘ ਫੌਜੀ, ਬੀਬੀ ਜਸਵਿੰਦਰ ਕੌਰ ਖਾਲਸਾ ਆਦਿ ਸੰਗਤਾਂ ਹਾਜ਼ਰ ਸਨ।