ਪਠਾਨਕੋਟ, 29 ਜੁਲਾਈ (ਸੁਮਿਤ)-ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ’ਚ 30 ਜੁਲਾਈ ਨੂੰ ਹੋਣ ਵਾਲੇ ਪੰਜਾਬ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਕੱਟੋ ਨੇ ਕਿਹਾ ਕਿ ਯੂਨੀਅਨ ਪੰਜਾਬ ਬੰਦ ਦਾ ਪੂਰਾ ਸਮਰਥਨ ਕਰੇਗੀ ਅਤੇ ਸਾਰੇ ਸਫਾਈ ਸੇਵਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਰਮੇਸ਼ ਕੁਮਾਰ ਕੱਟੋ ਨੇ ਕਿਹਾ ਕਿ ਬਰਨਾਲਾ ਵਿਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਜੁਲਾਈ ਨੂੰ ਹੋਣ ਵਾਲੇ ਪੰਜਾਬ ਬੰਦ ਦੌਰਾਨ ਸਫਾਈ ਸੇਵਕ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਲਾਠੀਚਾਰਜ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਸਫਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ। ਯੂਨੀਅਨ ਨੇ ਸੂਬੇ ਭਰ ਦੇ ਸਫਾਈ ਕਰਮਚਾਰੀਆਂ ਨੂੰ ਇਕਜੁੱਟ ਹੋ ਕੇ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਦੀ ਅਪੀਲ ਵੀ ਕੀਤੀ।