ਪਠਾਨਕੋਟ/ਗੁਰਦਾਸਪੁਰ, 31 ਜੁਲਾਈ (ਚੱਕਰਾਜਾ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸੁੰਦਰ ਚੱਕ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ’ਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਨੇ ਪਿੰਡ ਵਿਚ ਲਗਭਗ 17 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਤਿਆਰ ਕੀਤੀਆਂ ਗਈਆਂ ਆਂਗਣਵਾੜੀ ਸੈਂਟਰ ਤੇ ਕਮਿਊਨਿਟੀ ਹਾਲ ਦੀਆਂ ਇਮਾਰਤਾਂ ਦਾ ਉਦਘਾਟਨ ਕਰਕੇ ਇਹ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ । ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਪਣੇ ਪਿਆਰੇ ਲੋਕਾਂ ’ਚ ਆ ਕੇ ਉਨ੍ਹਾਂ ਨੂੰ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ । ਉਨ੍ਹਾਂ ਕਿਹਾ ਕਿ ਪਿੰਡ ਸੁੰਦਰ ਚੱਕ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਇੱਥੇ ਦੋ ਮਹੱਤਵਪੂਰਨ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲਗਭਗ 8 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਆਂਗਣਵਾੜੀ ਸੈਂਟਰ ਤਿਆਰ ਕੀਤਾ ਗਿਆ ਹੈ। ਇਹ ਸੈਂਟਰ ਛੋਟੇ ਬੱਚਿਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਆਧੁਨਿਕ ਢੰਗ ਨਾਲ ਤਿਆਰ ਕੀਤਾ ਗਿਆ ਹੈ, ਜਿੱਥੇ ਬੱਚਿਆਂ ਨੂੰ ਸੁਵਿਧਾਜਨਕ ਅਤੇ ਬਿਹਤਰ ਮਾਹੌਲ ਮਿਲ ਸਕੇਗਾ । ਕੈਬਨਿਟ ਮੰਤਰੀ ਨੇ ਦੱਸਿਆ ਕਿ ਕਰੀਬ 9 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਵੀ ਤਿਆਰ ਕੀਤਾ ਗਿਆ ਹੈ । ਇਹ ਹਾਲ ਪਿੰਡ ਵਾਸੀਆਂ ਲਈ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਲਾਭਦਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਹੂਲਤ ਵਿਸ਼ੇਸ਼ ਤੌਰ ’ਤੇ ਆਰਥਿਕ ਪੱਖੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਬਹੁਤ ਵੱਡਾ ਵਰਦਾਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ । ਉਨ੍ਹਾਂ ਪਿੰਡ ਸੁੰਦਰ ਚੱਕ ਦੇ ਵਾਸੀਆਂ ਨੂੰ ਦੋਵੇਂ ਸਹੂਲਤਾਂ ਮਿਲਣ ’ਤੇ ਵਧਾਈ ਦਿੱਤੀ ਅਤੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ । ਇਸ ਮੌਕੇ ਪਿੰਡ ਦੇ ਸਰਪੰਚ ਰਵਿੰਦਰ ਕੁਮਾਰ ਕਾਲਾ, ਬਲਾਕ ਸੰਮਤੀ ਦੀ ਵਾਈਸ ਚੇਅਰਪਰਸਨ ਨੀਰੂ ਸ਼ਰਮਾ, ਬਲਾਕ ਸੰਮਤੀ ਘਰੋਟਾ ਦੇ ਚੇਅਰਮੈਨ ਪਵਨ ਭਾਰਦਵਾਜ, ਰਜਿੰਦਰ ਭਿੱਲਾ ਆਦਿ ਹਾਜ਼ਰ ਸਨ।