ਪ੍ਰਤਾਪ ਸਿੰਘ ਬਾਜਵਾ ਵਲੋਂ ਭੈਣੀ ਮੀਆਂ ਖਾਂ ਦੀ ਅਨਾਜ ਮੰਡੀ ਦਾ ਦੌਰਾ
ਭੈਣੀ ਮੀਆਂ ਖਾਂ, 10 ਅਕਤੂਬਰ (ਜਸਬੀਰ ਸਿੰਘ ਬਾਜਵਾ)-ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਦਾਣਾ ਮੰਡੀ ਭੈਣੀ ਮੀਆਂ ਖਾਂ ਦਾ ਦੌਰਾ ਕੀਤਾ। ਇਸ ਮੌਕੇ ਸ: ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਿਸਾਨਾਂ ਨੂੰ ਬੇਸਹਾਰਾ ਛੱਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਰੀਦ ਸਬੰਧੀ ਪਾਬੰਦੀਆਂ ਤੇ ਮਨਮਾਨੀਆਂ ਕਟੌਤੀਆਂ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ।
ਭੈਣੀ ਮੀਆਂ ਖਾਂ, 10 ਅਕਤੂਬਰ (ਜਸਬੀਰ ਸਿੰਘ ਬਾਜਵਾ)-ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਦਾਣਾ ਮੰਡੀ ਭੈਣੀ ਮੀਆਂ ਖਾਂ ਦਾ ਦੌਰਾ ਕੀਤਾ। ਇਸ ਮੌਕੇ ਸ: ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਿਸਾਨਾਂ ਨੂੰ ਬੇਸਹਾਰਾ ਛੱਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਰੀਦ ਸਬੰਧੀ ਪਾਬੰਦੀਆਂ ਤੇ ਮਨਮਾਨੀਆਂ ਕਟੌਤੀਆਂ ਕਾਰਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਇਸ ਦੌਰਾਨ ਸ: ਬਾਜਵਾ ਨੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ, ਐੱਮ. ਐੱਸ. ਪੀ. ਤੋਂ ਘੱਟ ਕੀਮਤਾਂ ਅਤੇ ਫ਼ਸਲ ’ਤੇ ਲਗਾਈਆਂ ਜਾ ਰਹੀਆਂ ਕਟੌਤੀਆਂ ਸੰਬੰਧੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਵਾਲੀਆਂ, ਘੱਟ ਸਮੇਂ ਵਿਚ ਪੱਕਣ ਵਾਲੀਆਂ ਤੇ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਉਗਾਉਣ ਵਾਲੇ ਕਿਸਾਨਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ, ਜਦਕਿ ਅਜਿਹੀਆਂ ਕਿਸਮਾਂ ਦੀ ਕਾਸ਼ਤ ਪੰਜਾਬ ਦੇ ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਵਿਚ ਮਦਦਗਾਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਬੇਸਹਾਰਾ ਛੱਡ ਦਿੱਤਾ ਹੈ। ਕਿਸਾਨਾਂ ਨੂੰ ਲਗਪਗ 3600 ਕਰੋੜ ਰੁਪਏ ਦਾ ਨੁਕਸਾਨ ਹੋਣਾ ਖੇਤੀਬਾੜੀ ਖੇਤਰ ਲਈ ਬਹੁਤ ਵੱਡਾ ਝਟਕਾ ਹੈ। ਕਿਸਾਨਾਂ ’ਤੇ ਐੱਮ. ਐੱਸ. ਪੀ. ਤੋਂ ਘੱਟ ਕੀਮਤ ’ਤੇ ਆਪਣੀ ਫ਼ਸਲ ਵੇਚਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਦਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਬਾਜਵਾ ਨੇ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੇ ਕੇ ਕਿਸਾਨਾਂ ਨੂੰ ਪੂਰਾ ਐੱਮ. ਐੱਸ. ਪੀ. ਯਕੀਨੀ ਬਣਾਉਣ, ਬੇਇਨਸਾਫ਼ੀ ਵਾਲੀਆਂ ਕਟੌਤੀਆਂ ਰੋਕਣ ਤੇ ਸਾਰੀਆਂ ਅਨਾਜ ਮੰਡੀਆਂ ਵਿਚ ਨਿਰਵਿਘਨ ਤੇ ਪਾਰਦਰਸ਼ੀ ਖਰੀਦ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਕਾਂਗਰਸੀ ਵਰਕਰ ਵੀ ਭਾਰੀ ਗਿਣਤੀ ਵਿਚ ਹਾਜ਼ਰ ਸਨ।