ਐਸ. ਐਸ. ਪੀ. ਅਦਿੱਤਯ ਤੇ ਏ. ਡੀ. ਸੀ. ਵਲੋਂ ਨਸ਼ਿਆਂ ਦੇ ਹੋਟਸਪੋਟ ਇਲਾਕਿਆਂ ਦਾ ਦੌਰਾ
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਐੱਸ.
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਐੱਸ. ਐੱਸ . ਪੀ. ਅਦਿੱਤਿਆ ਅਤੇ ਏ. ਡੀ. ਸੀ. (ਜ) ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸਲਾਮਾਬਾਦ ਮੁਹੱਲੇ ਦੇ ਸ਼ਮਸ਼ਾਨਘਾਟ ਤੇ ਪਿੰਡ ਬੱਬੇਹਾਲੀ ਸਮੇਤ ਸੰਵੇਦਨਸ਼ੀਲ ਹੋਟਸਪੋਟ ਇਲਾਕਿਆਂ ਦਾ ਸਾਂਝਾ ਦੌਰਾ ਕੀਤਾ। ਇਸ ਮੌਕੇ ਐੱਸ. ਪੀ. ਹੈੱਡ ਕੁਆਰਟਰ ਮਨਿੰਦਰਪਾਲ ਸਿੰਘ ਤੇ ਡੀ. ਐੱਸ. ਪੀ. ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ। ਇਸ ਦੌਰੇ ਦੌਰਾਨ ਐੱਸ. ਐੱਸ. ਪੀ. ਅਦਿੱਤਿਆ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਐੱਸ. ਐੱਸ. ਪੀ. ਅਦਿੱਤਿਆ ਨੇ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿਚ ਸੰਵੇਦਨਸ਼ੀਲ ਹੋਟਸਪੋਟ ਇਲਾਕਿਆਂ ਵਿਚ ਸਥਿਤੀ ਨੂੰ ਬਿਹਤਰ ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਇਲਾਕਿਆਂ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਸਟਰੀਟ ਲਾਈਟਾਂ ਲਗਾਉਣ, ਪਾਰਕਾਂ ਤੇ ਓਪਨ ਜਿੰਮ ਦੀ ਸਹੂਲਤ ਵਿਕਸਿਤ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਵਰਗੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਇਸ ਮੌਕੇ ਏ. ਡੀ. ਸੀ. (ਜ) ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਤੇ ਪਰਾਲੀ ਨਾ ਸਾੜਨ ਲਈ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਤੇ ਵਾਤਾਵਰਨ ਦੀ ਸੰਭਾਲ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਬੱਬੇਹਾਲੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਾਂਝੇ ਉਪਰਾਲਿਆਂ ਦਾ ਮੁੱਖ ਉਦੇਸ਼ ਸੰਵੇਦਨਸ਼ੀਲ ਇਲਾਕਿਆਂ ’ਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ, ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਮਜ਼ਬੂਤ ਕਰਨਾ ਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।