ਸਚਿਨ ਪਾਇਲਟ ਪਹੁੰਚੇ ਗੁਰਦਾਸਪੁਰ, ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 13 ਨਵੰਬਰ (ਗੁਰਪ੍ਰਤਾਪ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਹੋਵੇਗਾ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਗੱਠਜੋੜ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਪਰ ਅਕਾਲੀ ਦਲ ਦੱਸੇ ਕਿ ਜਿਨ੍ਹਾਂ ਕਾਰਨਾਂ ਕਰਕੇ ਉਸ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਕਾਰਨ ਹੁਣ ਖ਼ਤਮ ਹੋ ਗਏ ਹਨ । ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਪ੍ਰਮੁੱਖ ਅਹੁਦੇਦਾਰਾਂ ਨਾਲ ਚੋਣਾਂ ਸਬੰਧੀ ਮੀਟਿੰਗ ਕਰਨ ਲਈ ਪਹੁੰਚੇ ਸਨ।
ਗੁਰਦਾਸਪੁਰ, 13 ਨਵੰਬਰ (ਗੁਰਪ੍ਰਤਾਪ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਹੋਵੇਗਾ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਗੱਠਜੋੜ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਪਰ ਅਕਾਲੀ ਦਲ ਦੱਸੇ ਕਿ ਜਿਨ੍ਹਾਂ ਕਾਰਨਾਂ ਕਰਕੇ ਉਸ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਕਾਰਨ ਹੁਣ ਖ਼ਤਮ ਹੋ ਗਏ ਹਨ । ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਪ੍ਰਮੁੱਖ ਅਹੁਦੇਦਾਰਾਂ ਨਾਲ ਚੋਣਾਂ ਸਬੰਧੀ ਮੀਟਿੰਗ ਕਰਨ ਲਈ ਪਹੁੰਚੇ ਸਨ। ਮੀਟਿੰਗ ਵਿਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕਾ ਅਰੁਣਾ ਚੌਧਰੀ, ਵਿਧਾਇਕ ਨਰੇਸ਼ ਪੁਰੀ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਆਦਿ ਮੌਜੂਦ ਸਨ । ਪਾਇਲਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਕੁਝ ਮਹੀਨਿਆਂ ਦੀ ਮਹਿਮਾਨ ਹੈ ਤੇ ਇਹ ਪਾਰਟੀ ਉਦੋਂ ਤੱਕ ਹੀ ਖੜ੍ਹੀ ਹੈ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਨਹੀਂ ਹੋ ਜਾਂਦਾ । ਚੋਣ ਜ਼ਾਬਤਾ ਲੱਗਦਿਆਂ ਹੀ ਇਹ ਪਾਰਟੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਵੇਗੀ । ਉਨ੍ਹਾਂ ਦਾਅਵਾ ਕੀਤਾ ਕਿ ਇਸ ਪਾਰਟੀ ਦੇ ਕਈ ਰਾਜ ਸਭਾ ਮੈਂਬਰ ਪਹਿਲਾਂ ਹੀ ਪਾਰਟੀ ਛੱਡ ਚੁੱਕੇ ਹਨ, ਕਈ ਵਿਧਾਇਕ ਬਾਗ਼ੀ ਹੋ ਗਏ ਹਨ ਤੇ ਕਈ ਮੁਅੱਤਲ ਚੱਲ ਰਹੇ ਹਨ । ਪੰਜਾਬ ਦੀ ਜਨਤਾ ਨੇ 92 ਵਿਧਾਇਕ ਦੇ ਕੇ ‘ਆਪ’ ਨੂੰ ਜੋ ਮਜ਼ਬੂਤ ਆਧਾਰ ਦਿੱਤਾ ਸੀ, ਉਹ ਆਧਾਰ ਇਹ ਸਰਕਾਰ ਹੁਣ ਪੂਰੀ ਤਰ੍ਹਾਂ ਗੁਆ ਚੁੱਕੀ ਹੈ । ਸਚਿਨ ਪਾਇਲਟ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਸੂਬੇ ਦੀ ਭਲਾਈ ਤੇ ਵਿਕਾਸ ’ਤੇ ਖ਼ਰਚ ਕਰਨ ਦੀ ਬਜਾਏ ਆਪਣੇ ਮੰਤਰੀਆਂ, ਵਿਧਾਇਕਾਂ ਤੇ ਦਿੱਲੀ ਦੇ ਆਗੂਆਂ ਨੂੰ ਖ਼ੁਸ਼ ਕਰਨ ਲਈ ਲੁਟਾਇਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਤੋਂ ਜਨਤਾ ਭਲੀਭਾਂਤ ਜਾਣੂ ਹੈ ਜਿੱਥੇ ਨਸ਼ਾ, ਕਾਨੂੰਨ ਵਿਵਸਥਾ ਤੇ ਫਿਰੌਤੀਆਂ ਵਰਗੀਆਂ ਸਮੱਸਿਆਵਾਂ ਵਧੀਆਂ ਹਨ। ਉਨ੍ਹਾਂ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਗੰਭੀਰ ਨਹੀਂ ਹਨ ਤੇ ਸਿਰਫ਼ ਮਜ਼ਾਕ ਤੇ ਚੁਟਕਲੇ ਸੁਣਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਦਿੱਲੀ ਦੀ ਸੱਤਾ ਪਹਿਲਾਂ ਹੀ ਗੁਆ ਚੁੱਕੀ ਹੈ ਤੇ ਹੁਣ ਉਸ ਦੀਆਂ ਨਜ਼ਰਾਂ ਪੰਜਾਬ ਦੇ ਖ਼ਜ਼ਾਨੇ ’ਤੇ ਟਿਕੀਆਂ ਹੋਈਆਂ ਹਨ । ਅਕਾਲੀ ਦਲ ’ਤੇ ਟਿੱਪਣੀ ਕਰਦਿਆਂ ਪਾਇਲਟ ਨੇ ਕਿਹਾ ਕਿ ਅਕਾਲੀ ਦਲ ਦੇ ਕਈ ਟੁੱਕੜੇ ਹੋ ਚੁੱਕੇ ਹਨ । ਭਾਵੇਂ ਕਈ ਪਾਰਟੀਆਂ ਚੋਣਾਂ ਲੜਨਗੀਆਂ ਪਰ ਕਿਸੇ ਵੀ ਪਾਰਟੀ ਕੋਲ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਦਾ ਦਮ ਨਹੀਂ ਹੈ ਤੇ ਸਿਰਫ਼ ਕਾਂਗਰਸ ਹੀ ਆਪਣੇ ਦਮ ’ਤੇ ਸਰਕਾਰ ਬਣਾਉਣ ਦੀ ਸਮਰੱਥਾ ਰੱਖਦੀ ਹੈ । ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ‘ਆਪ’ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ । ਲੋਕ ਇਸ ਸਰਕਾਰ ਤੋਂ ਦੁਖੀ ਹਨ ਅਤੇ ਚੋਣ ਜ਼ਾਬਤਾ ਲੱਗਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ, ਉਹ ਬਾਗ਼ੀ ਤੇਵਰ ਦਿਖਾ ਰਹੇ ਹਨ ਅਤੇ ਜਲਦ ਹੀ ਇਸ ਪਾਰਟੀ ਨੂੰ ਮੂੰਹ ਦੀ ਖਾਣੀ ਪਵੇਗੀ । ਉਨ੍ਹਾਂ ਭਰੋਸਾ ਜਤਾਇਆ ਕਿ ਕੁਝ ਮਹੀਨਿਆਂ ਬਾਅਦ ਕਾਂਗਰਸ ਮੁੜ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਵੇਗੀ । ਇਸ ਮੌਕੇ ਸੂਰਜ ਠਾਕੁਰ, ਅਮਿਤ ਵਿੱਜ, ਪੰਨਾ ਲਾਲ ਭਾਟੀਆ ਅਤੇ ਮਨਦੀਪ ਸਿੰਘ ਰੰਗੜ ਨੰਗਲ ਆਦਿ ਵੀ ਹਾਜ਼ਰ ਸਨ ।