ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਲਈ ਦੀਨਾਨਗਰ ਹਲਕੇ ਤੋਂ ਸ਼ਮਸ਼ੇਰ ਸਿੰਘ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਮਗਰੋਂ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਟਿਕਟ ਦੇ ਐਲਾਨ ਤੋਂ ਬਾਅਦ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਗਾਹਲੜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼ਮਸ਼ੇਰ ਸਿੰਘ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਹਲਕਾ ਦੀਨਾਨਗਰ ਦੇ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਬਲਾਕ ਪ੍ਰਧਾਨ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ਮਸ਼ੇਰ ਸਿੰਘ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਹਲਕਾ ਦੀਨਾਨਗਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਮਸ਼ੇਰ ਸਿੰਘ ਤੇ ਉਨ੍ਹਾਂ ਨਾਲ ਆਏ ਪਤਵੰਤਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸ਼ਮਸ਼ੇਰ ਸਿੰਘ ਨੇ ਵਿਸ਼ਵਾਸ ਜਿਤਾਇਆ ਕਿ 2027 ਦੀਆਂ ਚੋਣਾਂ ਵਿਚ ਹਲਕਾ ਦੀਨਾਨਗਰ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀਆਂ ਵਿਕਾਸਮੁਖੀ ਨੀਤੀਆਂ ’ਤੇ ਮੋਹਰ ਲਗਾਉਂਦੇ ਹੋਏ ਇਸ ਸੀਟ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਟੀ ਦੀ ਝੋਲੀ ਪਾਉਣਗੇ।