ਪੱਗੜੀ ਸੰਭਾਲ ਲਹਿਰ ਵਲੋਂ ਪੱਤੀ ਗੁਰੂ ਨਾਨਕ ਨਗਰ ’ਚ ਕਿਸਾਨਾਂ ਦੀ ਭਰਵੀਂ ਮੀਟਿੰਗ
ਭੈਣੀ ਮੀਆਂ ਖਾਂ, 29 ਨਵੰਬਰ (ਜਸਬੀਰ ਸਿੰਘ ਬਾਜਵਾ)- ਪੱਗੜੀ ਸੰਭਾਲ ਲਹਿਰ ਦੇ ਕਿਸਾਨ ਆਗੂਆਂ ਨੇ ਆਉਣ ਵਾਲੇ ਸੰਘਰਸ਼ ਲਈ ਪਿੰਡਾਂ ਵਿਚ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਪੱਤੀ ਗੁਰੂ ਨਾਨਕ ਨਗਰ ਵਿਖੇ ਕਿਸਾਨਾਂ ਦੀ ਇਕ ਵੱਡੀ ਮੀਟਿੰਗ ਕੀਤੀ ਗਈ।
ਭੈਣੀ ਮੀਆਂ ਖਾਂ, 29 ਨਵੰਬਰ (ਜਸਬੀਰ ਸਿੰਘ ਬਾਜਵਾ)- ਪੱਗੜੀ ਸੰਭਾਲ ਲਹਿਰ ਦੇ ਕਿਸਾਨ ਆਗੂਆਂ ਨੇ ਆਉਣ ਵਾਲੇ ਸੰਘਰਸ਼ ਲਈ ਪਿੰਡਾਂ ਵਿਚ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਪੱਤੀ ਗੁਰੂ ਨਾਨਕ ਨਗਰ ਵਿਖੇ ਕਿਸਾਨਾਂ ਦੀ ਇਕ ਵੱਡੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਗੜੀ ਸੰਭਾਲ ਲਹਿਰ ਜਥੇਬੰਦੀ ਦੇ ਆਗੂ ਦਲਜੀਤ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਹਾਲੇ ਤੱਕ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਕਿਸਾਨ ਆਗੂ ਦਲਜੀਤ ਸਿੰਘ ਹੈਪੀ ਨੇ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਗੰਨੇ ਦੇ ਰੇਟ ਦਾ ਹੈ। ਸਰਕਾਰ ਨੇ ਲਾਗਤ ਨਾਲੋਂ ਵੀ ਘੱਟ ਰੇਟ ਤੈਅ ਕੀਤਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਇਕ ਕਾਊਂਟਰ, ਇਕ ਪੇਮੈਂਟ ਦੀ ਮੰਗ ਵੀ ਅਧੂਰੀ ਪਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਖੰਡ ਮਿਲਾਂ ਵੱਲ ਕਿਸਾਨਾਂ ਦੀ 50 ਕਰੋੜ ਰੁਪਏ ਤੋਂ ਵੱਧ ਬਕਾਇਆ ਰਾਸ਼ੀ ਪਈ ਹੈ। ਕਿਸਾਨਾਂ ਨੇ ਆਪਣਾ ਗੰਨਾ ਮਿੱਲਾਂ ਨੂੰ ਦੇ ਦਿੱਤਾ ਪਰ ਉਨ੍ਹਾਂ ਨੂੰ ਅਜੇ ਤੱਕ ਪੂਰੀ ਅਦਾਇਗੀ ਨਹੀਂ ਮਿਲੀ। ਕਿਸਾਨ ਕਰਜ਼ੇ ਹੇਠ ਦੱਬੇ ਹੋਏ ਹਨ ਤੇ ਆਪਣੇ ਬੱਚਿਆਂ ਦੀਆਂ ਫੀਸਾਂ ਤੱਕ ਭਰਨ ਤੋਂ ਅਸਮਰੱਥ ਹਨ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚੇ ਅਜੇ ਤੱਕ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਸਾਥੀਆਂ ਨੂੰ ਰਿਹਾਅ ਕੀਤਾ ਗਿਆ ਹੈ। ਸਰਕਾਰ ਨੇ ਵਾਅਦਾ ਕੀਤਾ ਸੀ ਪਰ ਉਹ ਵਾਅਦਾ ਪੂਰਾ ਨਹੀਂ ਕੀਤਾ। ਮੀਟਿੰਗ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਕੋਈ ਵੀ ਕਿਸਾਨ ਗੰਨੇ ਦੀ ਛਿਲਾਈ ਨਾ ਕਰਵਾਏ ਤੇ ਮਿਲਾਂ ਨੂੰ ਗੰਨਾ ਨਾ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇੱਕਜੁੱਟ ਹੋ ਗਏ ਤਾਂ ਸਰਕਾਰ ਨੂੰ ਝੁਕਣਾ ਹੀ ਪਵੇਗਾ। ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ 3 ਦਸੰਬਰ ਨੂੰ ਪੰਜਾਬ ਦੇ 6 ਕੈਬਨਿਟ ਮੰਤਰੀਆਂ ਦੇ ਘਰਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਇਹ ਘਿਰਾਓ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ। ਇਸ ਮੌਕੇ ਦਲਜੀਤ ਸਿੰਘ ਹੈਪੀ, ਦਿਲਬਾਗ ਸਿੰਘ, ਜਗੀਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਹਰਭਜਨ ਸਿੰਘ, ਗੁਰਜੰਟ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ, ਊਧਮ ਸਿੰਘ, ਗੁਰਪ੍ਰੀਤ ਸਿੰਘ, ਗੋਪੀ, ਇਕਬਾਲ ਸਿੰਘ, ਗੁਰਨਾਮ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।