26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸਾਂਝਾ ਮੁਲਾਜ਼ਮ ਏਕਤਾ ਨੇ ਸ਼ਹਿਰ 'ਚ ਕੱਢਿਆ ਮੋਮਬੱਤੀ ਮਾਰਚ

Ad Position 21
No active advertisement
ਅਜੀਤ ਡੈਸਕ 07-01-2026
ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਚੋਣ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਨੂੰ ਇਨਸਾਫ਼ ਦਿਵਾਉਣ ਲਈ ਫ਼ਾਜ਼ਿਲਕਾ ਵਿਚ ਸਾਂਝਾ ਮੁਲਾਜ਼ਮ ਏਕਤਾ ਦੇ ਬੈਨਰ ਹੇਠ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ | ਹੱਥਾਂ 'ਚ ਮੋਮਬਤੀਆਂ ਫੜ ਕੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਧਿਆਪਕ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੁੰਗਾਰ ਭਰੀ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਅਧਿਆਪਕ ਕਮਲਜੀਤ ਕੌਰ ਤੇ ਜਸਕਰਨ ਸਿੰਘ ਦੇ ਪਰਿਵਾਰ ਨਾਲ ਸਰਕਾਰ ਕੋਝਾ ਮਜ਼ਾਕ ਕਰ ਰਹੀ ਹੈ | ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿੱਥੇ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਮੌਤ ਹੋਣ 'ਤੇ 1 ਕਰੋੜ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ, ਉਥੇ ਹੀ ਕੌਮ ਦੇ ਨਿਰਮਾਤਾ ਕਹੇ ਜਾਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਸਿਰਫ਼ 10-10 ਲੱਖ ਰੁਪਏ ਦੀ ਮਾਮੂਲੀ ਰਾਸ਼ੀ ਦੇ ਕੇ ਪੱਲਾ ਝਾੜਿਆ ਜਾ ਰਿਹਾ ਹੈ | ਯੂਨੀਅਨ ਦੀਆਂ ਮੁੱਖ ਮੰਗਾਂ 'ਚ ਪੀੜਤ ਬੱਚਿਆਂ ਨੂੰ ਗਰੈਜੂਏਸ਼ਨ ਤੇ ਪੋਸਟ-ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦੇਣਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਉਣਾ, ਮਿ੍ਤਕ ਅਧਿਆਪਕਾਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣਾ ਤੇ ਅਧਿਆਪਕਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਣਾ ਸ਼ਾਮਿਲ ਹੈ | ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਭਰਵਾਲ ਤੇ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਸੁਰਿੰਦਰ ਕੰਬੋਜ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 18 ਜਨਵਰੀ ਨੂੰ ਮੋਗਾ ਦੀ ਦਾਣਾ ਮੰਡੀ 'ਚ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕਸਦਿਆਂ ਕਿਹਾ ਕਿ ਉਹ ਖ਼ੁਦ ਨੂੰ 'ਮਾਸਟਰ ਮਹਿੰਦਰ ਸਿੰਘ ਦਾ ਪੁੱਤਰ' ਕਹਿੰਦੇ ਹਨ, ਪਰ ਅੱਜ ਉਨ੍ਹਾਂ ਦੇ ਰਾਜ ਵਿਚ ਅਧਿਆਪਕ ਵਰਗ ਸਭ ਤੋਂ ਵੱਧ ਅਣਗੌਲਿਆ ਤੇ ਪ੍ਰਤਾੜਿਤ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਦੋ ਟੂਕ ਸ਼ਬਦਾਂ 'ਚ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸਾਲ 2027 ਦੀਆਂ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਭਾਰੀ ਖ਼ਮਿਆਜ਼ਾ ਭੁਗਤਣਾ ਪਵੇਗਾ | ਮੋਮਬੱਤੀ ਮਾਰਚ 'ਚ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਤੇ ਮੁਲਾਜ਼ਮ ਯੂਨੀਅਨਾਂ ਨੇ ਹਿੱਸਾ ਲੈ ਕੇ ਆਪਣੀ ਇਕਜੁੱਟਤਾ ਦਾ ਪ੍ਰਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਤਰੀ ਮੌਤ ਦਰ ਨੂੰ ਘੱਟ ਕਰਨ ਲਈ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਮਾਤਰੀ ਮੌਤਾਂ ਦੀ ਸਮੀਖਿਆ ਅਗਲੀ ਖ਼ਬਰ ਜਲਾਲਾਬਾਦ ਤਹਿਸੀਲ ਕੰਪਲੈਕਸ ਅਹਾਤੇ 'ਚ ਪੁਲਿਸ ਨੇ ਚਲਾਇਆ ਜਾਂਚ ਅਭਿਆਨ
Ad Position 24