ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ 'ਚ ਵਧਦੀਆਂ ਚੋਰੀ ਦੀਆਂ ਵਾਰਦਾਤਾਂ ਦੇ ਵਿਰੋਧ 'ਚ ਵਪਾਰ ਮੰਡਲ ਨੇ ਵੱਡਾ ਕਦਮ ਚੁੱਕਿਆ ਹੈ | ਵਪਾਰ ਮੰਡਲ ਦੀ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ 8 ਜਨਵਰੀ ਨੂੰ ਫ਼ਾਜ਼ਿਲਕਾ ਸ਼ਹਿਰ ਬੰਦ ਰੱਖਿਆ ਜਾਵੇਗਾ | ਵਪਾਰੀਆਂ ਦਾ ਦੋਸ਼ ਹੈ ਕਿ ਸ਼ਹਿਰ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ ਤੇ ਪੁਲਿਸ ਵਲੋਂ ਉਨ੍ਹਾਂ ਦੀਆਂ ਸ਼ਿਕਾਇਤਾਂ 'ਤੇ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ | ਵਪਾਰ ਮੰਡਲ ਦੇ ਫ਼ੈਸਲੇ ਅਨੁਸਾਰ 8 ਜਨਵਰੀ ਨੂੰ ਦੁਪਹਿਰ 2 ਵਜੇ ਤੱਕ ਫ਼ਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ | ਇਸ ਦੇ ਨਾਲ ਹੀ ਘੰਟਾਘਰ ਚੌਕ 'ਤੇ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਵਪਾਰੀਆਂ ਦਾ ਕਹਿਣਾ ਹੈ ਕਿ ਉਹ ਵਧਦੀਆਂ ਚੋਰੀ ਦੀਆਂ ਵਾਰਦਾਤਾਂ ਤੇ ਪੁਲਿਸ ਦੀ ਕਥਿਤ ਨਾਕਾਮੀ ਵਿਰੁੱਧ ਆਪਣਾ ਰੋਸ ਪ੍ਰਗਟ ਕਰਨਗੇ | ਫ਼ਾਜ਼ਿਲਕਾ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬਧਰ ਨੇ ਦੱਸਿਆ ਕਿ ਸ਼ਹਿਰ 'ਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਏ ਦਿਨ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕ ਤੇ ਵਪਾਰੀ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਵਪਾਰ ਮੰਡਲ ਨੇ ਇਸ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ ਸੀ, ਪਰ ਉਨ੍ਹਾਂ ਦੀਆਂ ਸ਼ਿਕਾਇਤਾਂ 'ਤੇ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਤੋਂ ਬਾਅਦ ਸ਼ਹਿਰ ਬੰਦ ਦਾ ਫ਼ੈਸਲਾ ਲਿਆ ਗਿਆ | ਦੂਜੇ ਪਾਸੇ ਪੁਲਿਸ ਨੇ ਵਪਾਰ ਮੰਡਲ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਸਿਟੀ ਥਾਣਾ ਦੇ ਐੱਸ. ਐੱਚ. ਓ. ਲੇਖਰਾਜ ਨੇ ਦਾਅਵਾ ਕੀਤਾ ਕਿ ਹੁਣ ਤੱਕ ਸਾਹਮਣੇ ਆਈਆਂ ਸਾਰੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਪੁਲਿਸ ਨੇ ਸੁਲਝਾ ਲਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨਾ ਸਿਰਫ਼ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਸਗੋਂ ਚੋਰੀ ਹੋਇਆ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ |