ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਰਵਰੀ ਦੇ ਅਖੀਰ ਵਿਚ ਮੋਗਾ ਵਿਖੇ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਸਫਲ ਬਣਾਉਣ ਲਈ ਰਣਨੀਤੀ ਉਲੀਕੀ ਗਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਇਸ ਮੌਕੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੂਬਾ ਸਕੱਤਰ ਸ਼ਿਵਰਾਜ ਗੋਇਲ, ਵੰਦਨਾ ਸਾਂਗਵਾਲ ਅਤੇ ਅਬੋਹਰ ਨਗਰ ਨਿਗਮ ਦੇ ਮੇਅਰ ਵਿਮਲ ਠਠਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਦਿਆਲ ਸਿੰਘ ਸੋਢੀ ਨੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਜੀ ਰਾਮ ਜੀ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ | ਇਸ ਦੇ ਨਾਲ ਹੀ ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਸੰਗਠਨ ਦੀ ਮਜ਼ਬੂਤੀ ਅਤੇ ਚੋਣਾਂ ਵਿਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਵਰਕਰਾਂ ਨੂੰ ਅਨੁਸ਼ਾਸਨ ਅਤੇ ਜਨਸੰਪਰਕ ਮੁਹਿੰਮ ਤੇਜ਼ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਮੇਸ਼ ਕਟਾਰੀਆ, ਸੁਨੀਲ ਸਹਾਰਨ, ਪਰਮਜੀਤ ਸ਼ੇਰਾ, ਬਲਵਿੰਦਰ ਸਿੰਘ ਬਿੱਟੂ, ਸੰਦੀਪ ਮਲੂਜਾ, ਵਿਨੋਦ ਜਾਖੜ ਸਮੇਤ ਵੱਡੀ ਗਿਣਤੀ ਵਿਚ ਮੰਡਲ ਪ੍ਰਧਾਨ ਅਤੇ ਅਹੁਦੇਦਾਰ ਹਾਜ਼ਰ ਸਨ |