ਅਬੋਹਰ, 30 ਜਨਵਰੀ (ਵਿਵੇਕ ਹੂੜੀਆ)-ਅਬੋਹਰ ਦੇ ਨਸ਼ਿਆਂ ਦੇ ਗੜ੍ਹ ਮੰਨੇ ਜਾਂਦੇ ਇਲਾਕੇ ਪੰਜਪੀਰ ਨਗਰ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਸ ਮੁਹਿੰਮ ਤਹਿਤ ਪੁਲਿਸ ਨਾ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਸਗੋਂ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦੇ ਜੀਵਨ ਨੂੰ ਮੁੱਖ ਧਾਰਾ 'ਚ ਵਾਪਸ ਲਿਆਉਣ ਲਈ ਵੀ ਅਹਿਮ ਉਪਰਾਲੇ ਕਰ ਰਹੀ ਹੈ | ਅੱਜ ਜਦੋਂ ਸਿਟੀ-1 ਦੇ ਇੰਚਾਰਜ ਰਵਿੰਦਰ ਸਿੰਘ ਭੀਟੀ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪੰਜਪੀਰ ਨਗਰ 'ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉਥੋਂ ਦੀ ਇਕ ਮਹਿਲਾ ਨੇ ਭਾਵੁਕ ਹੁੰਦਿਆਂ ਪੁਲਿਸ ਦੀ ਕਾਰਵਾਈ ਦੀ ਤਾਰੀਫ਼ ਕੀਤੀ | ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਪਹਿਲਾਂ ਨਸ਼ੇ ਦਾ ਬੁਰੀ ਤਰ੍ਹਾਂ ਆਦੀ ਸੀ ਅਤੇ 24 ਘੰਟੇ ਨਸ਼ੇ 'ਚ ਰਹਿੰਦਾ ਸੀ | ਜ਼ਿਲ੍ਹੇ ਦੇ ਐੱਸ. ਐੱਸ. ਪੀ. ਦੇ ਨਿਰਦੇਸ਼ਾਂ 'ਤੇ ਸਿਟੀ-1 ਪੁਲਿਸ ਨੇ ਉਸ ਦੇ ਪਤੀ ਦਾ ਇਲਾਜ ਕਰਵਾ ਕੇ ਉਸ ਨੂੰ ਨਰਕ ਭਰੀ ਜ਼ਿੰਦਗੀ ਤੋਂ ਮੁਕਤੀ ਦਿਵਾਈ ਹੈ | ਮਹਿਲਾ ਨੇ ਕਿਹਾ ਕਿ ਹੁਣ ਉਸ ਦਾ ਪਤੀ ਆਮ ਜ਼ਿੰਦਗੀ ਜੀ ਰਿਹਾ ਹੈ | ਉਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ ਤਾਂ ਪੁਲਿਸ ਦਾ ਸਹਿਯੋਗ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਥਾਣਾ ਇੰਚਾਰਜ ਨੇ ਦੱਸਿਆ ਕਿ 'ਕਾਸੋ' ਮੁਹਿੰਮ ਤਹਿਤ ਅੱਜ ਨਸ਼ਾ ਤਸਕਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੀ ਕੋਸ਼ਿਸ਼ ਨਸ਼ਾ ਪੀੜਤਾਂ 'ਤੇ ਕੇਸ ਦਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਸੁਧਾਰਨ ਦੀ ਹੈ | ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਦੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੁਲਿਸ ਦਿਨ-ਰਾਤ ਜੁਟੀ ਹੋਈ ਹੈ |