1 ਚੋਰੀਸ਼ੁਦਾ ਮੋਟਰਸਾਈਕਲ ਸਣੇ 2 ਵਿਅਕਤੀ ਗਿ੍ਫ਼ਤਾਰ
ਅਜੀਤ ਡੈਸਕ
02-02-2026
ਬਲੈਕਮੇਲ ਕਰਕੇ ਪੈਸੇ ਵਸੂਲਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 1 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਲਜ਼ਾਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਲਾਲੋ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਤਨ ਸਿੰਘ ਪੁੱਤਰ ਅਜੀਤ ਸਿੰਘ ਨੇ ਉਸ ਨੂੰ ਘੇਰ ਕੇ ਉਸ ਦੀਆਂ ਫ਼ੋਟੋਆਂ ਖਿੱਚੀਆਂ ਅਤੇ ਕਸ਼ਮੀਰਾ ਕੌਰ ਪਤਨੀ ਜਰਨੈਲ ਸਿੰਘ ਵਾਸੀ ਰਾਣਾ ਅਤੇ ਦੋ ਤਿੰਨ ਵਿਅਕਤੀ ਹੋਰ ਆ ਗਏ, ਜਿਨ੍ਹਾਂ ਨੇ ਜਬਰ ਜਨਾਹ ਦੇ ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਉਸ ਕੋਲੋਂ 50,000 ਰੁਪਏ ਲੈ ਲਏ ਅਤੇ 2 ਲੱਖ ਰੁਪਏ ਦੀ ਹੋਰ ਮੰਗ ਕੀਤੀ | ਪੁਲਿਸ ਨੇ ਪ੍ਰਵੀਨ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਸੈਦੋ ਕੇ, ਰਤਨ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਲਾਲੋ ਵਾਲੀ, ਆਸ਼ਾ ਰਾਣੀ ਪਤਨੀ ਰਾਜ ਸਿੰਘ ਵਾਸੀ ਸੈਦੋ ਕੇ, ਕਸ਼ਮੀਰਾ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਰਾਣਾ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ
ਫ਼ਾਜ਼ਿਲਕਾ, 1 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਰਫ਼ ਬਿੰਦਰੀ ਪੁੱਤਰ ਤੇਜਾ ਸਿੰਘ ਵਾਸੀ ਅਰਨੀਵਾਲਾ ਗਸ਼ਤ ਦੌਰਾਨ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਿਆ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ (ਮਾਰਕਾ ਐਲਪਰਾਜੋਲਿਮ) ਤੇ 400 ਨਸ਼ੀਲੇ ਕੈਪਸੂਲ (ਪਰੈਗਾ) ਬਰਾਮਦ ਹੋਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |