ਫ਼ਾਜ਼ਿਲਕਾ, 2 ਫਰਵਰੀ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ ਹਲਕੇ ਦੇ ਪਿੰਡ ਦੋਨਾ ਨਾਨਕਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 16ਵੀਂ ਬੱਸ ਰਵਾਨਾ ਕੀਤੀ | ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਰ ਤੇ ਅਟਾਰੀ ਬਾਰਡਰ ਲੈ ਕੇ ਜਾਵੇਗੀ | ਵਿਧਾਇਕ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ | ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕ-ਹਿਤ 'ਚ ਅਜਿਹੀਆਂ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ | ਵਿਧਾਇਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖ਼ੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ |