ਫ਼ਾਜ਼ਿਲਕਾ, 2 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਮਹਿਲਾ ਵਿੰਗ ਦੀਆਂ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਬੈਠਕ ਦੌਰਾਨ ਉਨ੍ਹਾਂ ਜਥੇਬੰਦਕ ਕੰਮਾਂ ਤੇ ਸਰਕਾਰੀ ਯੋਜਨਾਵਾਂ ਦੇ ਪ੍ਰਚਾਰ-ਪਸਾਰ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਬੈਠਕ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਹਰ ਲੋਕਾਂ ਤੇ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਅਹੁਦੇਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਜਨ-ਸੁਣਵਾਈ ਰਾਹੀਂ ਆਮ ਜਨਤਾ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਵਾਉਣ | ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਪਾਤਰ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸ ਲਈ ਜ਼ਰੂਰੀ ਹੈ ਕਿ ਸਰਕਾਰੀ ਸਕੀਮਾਂ ਦੀ ਸਹੀ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚਾਈ ਜਾਵੇ | ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ ਤੇ ਵੱਖ-ਵੱਖ ਬਲਾਕਾਂ ਦੀਆਂ ਪ੍ਰਧਾਨਾਂ ਮੌਜੂਦ ਸਨ |