ਅਬੋਹਰ, 3 ਫਰਵਰੀ (ਵਿਵੇਕ ਹੂੜੀਆ)-ਅਬੋਹਰ ਦੇ ਫ਼ਾਜ਼ਿਲਕਾ ਚੁੰਗੀ ਖੇਤਰ 'ਚ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ | ਇਸ ਮੁਹਿੰਮ ਦੌਰਾਨ ਫ਼ਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਕਈ ਘੰਟਿਆਂ ਤੱਕ ਨਾਕਾਬੰਦੀ ਦੀ ਨਿਗਰਾਨੀ ਕੀਤੀ ਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ | ਨਾਕਾਬੰਦੀ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ | ਇਸ ਮੌਕੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ, ਖ਼ਾਸ ਕਰਕੇ ਦੋ ਪਹੀਆ ਵਾਹਨਾਂ 'ਤੇ ਟਿ੍ਪਲ ਲੋਡਿੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਤੋਂ ਇਲਾਵਾ ਚਾਰ ਪਹੀਆ ਵਾਹਨਾਂ 'ਤੇ ਕਾਲੇ ਸ਼ੀਸ਼ੇ ਲਗਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਤੇ ਨਿਯਮਾਂ ਦੀ ਪਾਲਨਾ ਕਰਨ ਦੀ ਹਦਾਇਤ ਕੀਤੀ ਗਈ | ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦੀ ਇਸ ਮੁਹਿੰਮ ਵਿਚ ਸਹਿਯੋਗ ਦੇਣ | ਇਸ ਮੌਕੇ ਡੀ. ਐੱਸ. ਪੀ. ਬੱਲੂਆਣਾ ਅਮਨਦੀਪ ਸਿੰਘ, ਥਾਣਾ ਮੁਖੀ ਰਵਿੰਦਰ ਸਿੰਘ ਭੀਟੀ, ਏ. ਐੱਸ. ਆਈ. ਭੁਪਿੰਦਰ ਸਿੰਘ, ਸੁਖਦੇਵ ਸਿੰਘ, ਏ. ਐੱਸ. ਆਈ. ਲਾਲਚੰਦ, ਟ੍ਰੈਫ਼ਿਕ ਇੰਚਾਰਜ ਸੁਰਿੰਦਰ ਸਿੰਘ ਅਤੇ ਸਿਟੀ-1 ਥਾਣੇ ਦੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |