ਅਬੋਹਰ, 3 ਫਰਵਰੀ (ਵਿਵੇਕ ਹੂੜੀਆ)-ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ ਕਰਕੇ ਰਾਜ 'ਚ ਸਿਹਤ ਦੇ ਖੇਤਰ 'ਚ ਇਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਨਾਲ ਸੂਬੇ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੁੱਖ ਮੰਤਰੀ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੀਤਾ | ਅਰੁਣ ਨਾਰੰਗ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਦੇਣ ਲਈ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ ਲਗਪਗ 800 ਕੈਂਪ ਲਗਾ ਕੇ ਲੋਕਾਂ ਨੂੰ ਇਸ ਸਹੂਲਤ ਨਾਲ ਜੋੜਿਆ ਜਾ ਰਿਹਾ ਹੈ | ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਸਰਕਾਰ ਵਲੋਂ ਇਹ ਯੋਜਨਾ ਹਰ ਘਰ ਤੱਕ ਪਹੁੰਚਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਪਰਿਵਾਰ ਇਸ ਲਾਭ ਤੋਂ ਵਾਂਝਾ ਨਾ ਰਹੇ | ਉਨ੍ਹਾਂ ਅੱਗੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੇ ਕਾਰਡ ਬਣਾਏ ਜਾ ਰਹੇ ਹਨ | ਹਰ ਪਿੰਡ ਤੇ ਵਾਰਡ ਵਿਚ ਕੈਂਪ ਲਗਾ ਕੇ ਨਾਗਰਿਕਾਂ ਨੂੰ ਇਸ ਯੋਜਨਾ ਦੇ ਦਾਇਰੇ ਵਿਚ ਲਿਆਂਦਾ ਜਾ ਰਿਹਾ ਹੈ | ਕਾਰਡ ਬਣਵਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਲਾਜ਼ਮੀ ਦਸਤਾਵੇਜ਼ ਹਨ | ਨਾਰੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰ ਨਾਗਰਿਕ ਤੰਦਰੁਸਤ ਰਹੇ, ਪਰ ਜੇਕਰ ਕਿਸੇ ਨੂੰ ਐਮਰਜੈਂਸੀ ਵਿਚ ਇਲਾਜ ਦੀ ਲੋੜ ਪੈਂਦੀ ਹੈ ਤਾਂ ਉਹ ਇਸ ਕਾਰਡ ਰਾਹੀਂ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ |