ਜਲਾਲਾਬਾਦ, 4 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿ:) ਏਟਕ ਵਲੋਂ ਕਿਰਤ ਭਵਨ ਮੋਹਾਲੀ ਵਿਖੇ ਪਹੁੰਚ ਕੇ ਕਿਰਤ ਅਧਿਕਾਰੀਆਂ ਨੂੰ ਇਕ ਨੋਟਿਸ ਦੇ ਕੇ ਜਾਣੂ ਕਰਵਾਇਆ ਗਿਆ ਕਿ ਯੂਨੀਅਨ ਵਲੋਂ 26 ਫ਼ਰਵਰੀ ਨੂੰ ਪੰਜਾਬ ਦੇ ਅਸਿਸਟੈਂਟ ਲੇਬਰ ਕਮਿਸ਼ਨਰਾਂ ਅਤੇ 27 ਮਾਰਚ 2026 ਨੂੰ ਲੇਬਰ ਕਮਿਸ਼ਨਰ ਪੰਜਾਬ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ, ਸੂਬਾ ਸਹਾਇਕ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ, ਸੂਬਾ ਖ਼ਜ਼ਾਨਚੀ ਪ੍ਰਦੀਪ ਚੀਮਾ, ਸੂਬਾ ਕਮੇਟੀ ਮੈਂਬਰ ਸੁਰਿੰਦਰ ਭੈਣੀ ਅਤੇ ਸੋਨਾ ਧੁਨਕੀਆਂ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਬੋਰਡ ਦੀ ਮੀਟਿੰਗ ਨਾ ਹੋਣ ਕਾਰਨ ਕਿਰਤ ਵਿਭਾਗ ਵਲੋਂ ਗ਼ਲਤ ਤਰੀਕੇ ਨਾਲ ਸਕੀਮਾਂ 'ਚ ਬਦਲਾਓ ਕੀਤਾ ਜਾ ਰਿਹਾ ਹੈ, ਜਿਵੇਂ ਕਿ ਲਾਭਪਾਤਰੀਆਂ ਲਈ ਵਾਰ-ਵਾਰ ਪੈਨਸ਼ਨ ਸਕੀਮ ਵਿਚ ਬਦਲਾਓ ਕਰਨਾ, ਗਰੇਸ ਮਿਤੀ ਦੇ ਅੰਦਰ ਮਿਲਣ ਵਾਲੇ ਐਕਸ ਗਰੇਸੀਆਂ 'ਚ ਬਦਲਾਓ ਕਰਨਾ, ਐਕਸੀਡੈਂਟਲ ਐਕਸ ਗਰੇਸ਼ੀਆ ਲਾਭਪਾਤਰੀ ਦੇ ਵਾਰਸਾਂ ਨੂੰ ਲਾਭ ਨਾ ਮਿਲਣਾ, 27 ਨੰਬਰ ਫਾਰਮ ਦਾ ਆਟੋ ਪੈਚ ਨਾ ਹੋਣ ਕਾਰਨ ਲਾਭਪਾਤਰੀ ਖੱਜਲ ਖ਼ੁਆਰ ਹੋ ਰਹੇ ਹਨ | ਇਸ ਸਬੰਧੀ ਯੂਨੀਅਨ ਵਲੋਂ ਮੋਗਾ ਵਿਖੇ ਹੋਈ ਮੀਟਿੰਗ 'ਚ ਵਿਚਾਰ ਕਰਨ ਉਪਰੰਤ ਮਹਿਕਮਾ ਲੇਬਰ ਖ਼ਿਲਾਫ਼ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੰਘਰਸ਼ ਬਾਰੇ ਅੱਜ ਕਿਰਤ ਭਵਨ ਵਿਖੇ ਕਿਰਤ ਅਧਿਕਾਰੀਆਂ ਨੂੰ ਇਕ ਨੋਟਿਸ ਦੇ ਕੇ ਜਾਣੂ ਕਰਵਾਇਆ ਗਿਆ ਕਿ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਵਲੋਂ 26 ਫ਼ਰਵਰੀ ਨੂੰ ਪੰਜਾਬ ਦੇ ਅਸਿਸਟੈਂਟ ਲੇਬਰ ਕਮਿਸ਼ਨਰਾਂ ਅਤੇ 27 ਮਾਰਚ ਨੂੰ ਲੇਬਰ ਕਮਿਸ਼ਨਰ ਪੰਜਾਬ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਡਿਪਟੀ ਸਕੱਤਰ ਪਦਮਜੀਤ ਸਿੰਘ ਵਲੋਂ ਆਗੂਆਂ ਨਾਲ ਮੀਟਿੰਗ ਕਰਕੇ ਵਿਸ਼ਵਾਸ ਵੀ ਦਿਵਾਇਆ ਗਿਆ ਕਿ ਉਸਾਰੀ ਕਿਰਤੀਆਂ ਦੇ ਜਾਇਜ਼ ਮਸਲੇ ਤੁਰੰਤ ਹੱਲ ਕਰਨ ਲਈ ਹੋਰ ਯਤਨ ਤੇਜ਼ ਕੀਤੇ ਜਾਣਗੇ |