ਫ਼ਾਜ਼ਿਲਕਾ, 4 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ | ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੀਆਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ | 'ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫ਼ਾਰ ਕੈਪੀਟਲ ਇਨਵੈਸਟਮੈਂਟ' ਯੋਜਨਾ ਤਹਿਤ ਬੱਬਰ ਸਵੀਟਸ ਤੋਂ ਗਊਸ਼ਾਲਾ ਰੋਡ 31.55 ਲੱਖ ਰੁਪਏ ਅਤੇ ਡੈਡ ਹਾਊਸ ਰੋਡ 72 ਲੱਖ ਰੁਪਏ ਦੀ ਰਾਸ਼ੀ ਨਾਲ ਬਣਾਈ ਜਾਵੇਗੀ | ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਹੁਤ ਮਾੜੀ ਸੀ, ਜਿਸ ਕਾਰਨ ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਕਿਹਾ ਕਿ ਬੱਬਰ ਸਵੀਟਸ ਤੋਂ ਗਊਸ਼ਾਲਾ ਰੋਡ ਦਾ ਨਿਰਮਾਣ ਇੰਟਰਲਾਕਿੰਗ ਟਾਈਲਾਂ ਨਾਲ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਦੀ 150 ਫੁੱਟ ਲੰਬੀ ਸੀਵਰੇਜ ਪਾਈਪ ਦੀ ਮੰਗ 'ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ | ਵਿਧਾਇਕ ਨੇ ਉਮੀਦ ਜਤਾਈ ਕਿ ਇਹ ਸੜਕਾਂ ਅਗਲੇ ਦੋ ਮਹੀਨਿਆਂ ਦੇ ਅੰਦਰ ਬਣ ਕੇ ਤਿਆਰ ਹੋ ਜਾਣਗੀਆਂ | ਹਲਕੇ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਉਹ ਫ਼ਾਜ਼ਿਲਕਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਦੇ ਸੰਪਰਕ ਵਿਚ ਹਨ | ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਜਲਦ ਹੀ ਲਗਭਗ 6 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰਵਾਈ ਜਾਵੇਗੀ | ਉਨ੍ਹਾਂ ਤੇਜਾ ਰੁਹੇਲਾ ਪੁਲ ਦੀ ਮਿਸਾਲ ਦਿੰਦਿਆਂ ਕਿਹਾ ਕਿ ਸਰਕਾਰ ਨੇ ਆਉਂਦੇ ਹੀ 8.5 ਕਰੋੜ ਦੀ ਲਾਗਤ ਨਾਲ ਇਸ ਦਾ ਨਿਰਮਾਣ ਪੂਰਾ ਕਰਵਾਇਆ ਹੈ | ਵਿਧਾਇਕ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਕੋਲ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕੇ ਵਿਚ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ਕਰਵਾਏ ਜਾ ਰਹੇ ਹਨ | ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸਾਂਝੀਆਂ ਕਰਨ ਤਾਂ ਜੋ ਤੁਰੰਤ ਹੱਲ ਕੀਤਾ ਜਾ ਸਕੇ |