ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਫੂਡ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਸਿੰਘ ਸਿਵਲ ਸਰਜਨ ਦੀ ਦੇਖ-ਰੇਖ 'ਚ ਫੂਡ ਸੇਫ਼ਟੀ ਟੀਮ ਫ਼ਾਜ਼ਿਲਕਾ ਵਲੋਂ ਅਬੋਹਰ ਵਿਖੇ ਸੈਂਪਲਿੰਗ ਕੀਤੀ ਗਈ | ਇਸ ਸਮੇਂ ਘਿਓ ਤੇ ਮਸਾਲਿਆਂ ਦੇ ਕੁਲ 6 ਸੈਂਪਲ ਲਏ ਗਏ | ਟੀਮ ਵਲੋਂ ਸਕੂਲਾਂ 'ਚੋਂ ਮਿਡ ਡੇ ਮੀਲ ਦੇ ਵੀ 3 ਸੈਂਪਲ ਲਏ ਗਏ | ਇਸ ਤੋਂ ਇਲਾਵਾ ਪਿਛਲੇ ਕੁੱਝ ਦਿਨਾਂ ਵਿਚ ਘਿਓ ਤੇ ਵੱਖ-ਵੱਖ ਖਾਦ ਪਦਾਰਥਾਂ ਦੇ 10 ਸੈਂਪਲ ਲਏ ਜਾ ਚੁੱਕੇ ਹਨ | ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਸਾਫ਼ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟ ਖੋਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ | ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ | ਇਸ ਸਮੇਂ ਫੂਡ ਸੇਫ਼ਟੀ ਅਫ਼ਸਰ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੈਂਪਲ ਦੀ ਰਿਪੋਰਟ ਆਉਣ ਤੇ ਅਗਲੇਰੀ ਕਾਰਵਾਈ ਆਰੰਭ ਕੀਤੀ ਜਾਵੇਗੀ ਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਖਾਣ ਪੀਣ ਦੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ, ਬੇਕਰੀਆਂ ਅਤੇ ਮਠਿਆਈ ਵਿਕੇ੍ਰਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਤੇ ਸਾਫ਼ ਸੁਥਰੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਵੇਚਣ ਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਣ | ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਆਪਣੀ ਫੂਡ ਸੇਫ਼ਟੀ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੈ ਅਤੇ ਜੇਕਰ ਅਜੇ ਤੱਕ ਕਿਸੇ ਨੇ ਆਪਣੀ ਫੂਡ ਸੇਫ਼ਟੀ ਅਧੀਨ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ |