ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੀ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਸੂਰਜਮੁਖੀ ਦੀ ਕਾਸ਼ਤ ਜ਼ਮੀਨੀ ਪਾਣੀ ਨੂੰ ਬਚਾਉਣ ਤੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਇਕ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਤੇ ਅਗਾਂਹਵਧੂ ਕਿਸਾਨ ਹਮੇਸ਼ਾ ਹੀ ਨਵੀਆਂ ਖੇਤੀ ਤਕਨੀਕਾਂ ਅਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਵਿਚ ਮੋਹਰੀ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਮੀਦ ਹੈ ਕਿ ਸੂਰਜਮੁਖੀ ਹੇਠ ਰਕਬਾ ਵਧੇਗਾ | ਡਾ. ਕੌਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਹ ਫ਼ਸਲ ਮਹਿਜ਼ 100 ਤੋਂ 120 ਦਿਨਾਂ 'ਚ ਤਿਆਰ ਹੋ ਜਾਂਦੀ ਹੈ, ਜਿਸ ਲਈ ਸਿਰਫ਼ 2 ਕਿੱਲੋ ਪ੍ਰਤੀ ਏਕੜ ਬੀਜ ਦੀ ਲੋੜ ਪੈਂਦੀ ਹੈ ਅਤੇ ਸਹੀ ਸਾਂਭ-ਸੰਭਾਲ ਨਾਲ ਕਿਸਾਨ 8 ਤੋਂ 10 ਕੁਇੰਟਲ ਪ੍ਰਤੀ ਏਕੜ ਤੱਕ ਦਾ ਵਧੀਆ ਝਾੜ ਪ੍ਰਾਪਤ ਕਰ ਸਕਦੇ ਹਨ, ਜਿਸ ਦਾ ਸਰਕਾਰੀ ਖ਼ਰੀਦ ਮੁੱਲ 7721 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਮਿਆਰੀ ਬੀਜਾਂ ਲਈ ਫ਼ਿਕਰ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਆਉਣ ਵਾਲੇ ਸਮੇਂ 'ਚ ਉੱਨਤ ਕਿਸਮਾਂ ਦਾ ਬੀਜ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਉਪਲਬਧ ਕਰਵਾ ਦਿੱਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਲਾਹੇਵੰਦ ਨਕਦੀ ਫ਼ਸਲ ਦੀ ਬਿਜਾਈ ਲਈ ਅਗੇਤੀ ਤਿਆਰੀ ਸ਼ੁਰੂ ਕਰਨ ਅਤੇ ਬੀਜ ਦੀ ਉਪਲਬਧਤਾ ਤੇ ਹੋਰ ਤਕਨੀਕੀ ਜਾਣਕਾਰੀ ਲਈ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਤਾਲਮੇਲ ਬਣਾਈ ਰੱਖਣ |