ਜਲਾਲਾਬਾਦ, 6 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ 'ਚ ਪਿਛਲੇ ਕੁਝ ਸਮੇਂ ਤੋਂ ਗੁੰਡਾਗਰਦੀ, ਲੁੱਟਾਂ, ਖੋਹਾਂ, ਚੋਰੀਆਂ ਤੇ ਡਕੈਤੀਆਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ | ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸ਼ਹਿਰ ਦਾ ਵਪਾਰਕ ਮਾਹੌਲ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਨਾਕਾਮ ਕਾਨੂੰਨ-ਵਿਵਸਥਾ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ | ਪੁਲਿਸ ਪ੍ਰਸ਼ਾਸਨ ਤਮਾਸ਼ਬੀਨ ਬਣ ਕੇ ਰਹਿ ਗਿਆ ਹੈ, ਜਿਸ ਕਾਰਨ ਅਪਰਾਧੀ ਬੇਖ਼ੌਫ਼ ਹੋ ਕੇ ਵਾਰਦਾਤਾਂ ਕਰ ਰਹੇ ਹਨ ਤੇ ਪੁਲਿਸ ਦਾ ਕੱਦ ਅਪਰਾਧੀਆਂ ਅੱਗੇ ਛੋਟਾ ਪੈ ਗਿਆ ਹੈ | ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਜੇਕਰ ਤੁਰੰਤ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਉਨ੍ਹਾਂ ਮੰਗ ਕੀਤੀ ਕਿ ਸ਼ਹਿਰ 'ਚ ਰਾਤੀ ਗਸ਼ਤ ਵਧਾਈ ਜਾਵੇ, ਸੰਵੇਦਨਸ਼ੀਲ ਇਲਾਕਿਆਂ ਵਿਚ ਨਾਕੇ ਲਗਾਏ ਜਾਣ, ਸੀ. ਸੀ. ਟੀ. ਵੀ. ਕੈਮਰਿਆਂ ਦੀ ਕਾਰਗੁਜ਼ਾਰੀ ਯਕੀਨੀ ਬਣਾਈ ਜਾਵੇ ਤੇ ਅਪਰਾਧੀਆਂ ਖ਼ਿਲਾਫ਼ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਭਾਜਪਾ ਆਮ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ ਤੇ ਜਲਾਲਾਬਾਦ ਨੂੰ ਅਪਰਾਧ ਮੁਕਤ ਬਣਾਉਣ ਲਈ ਹਰ ਸੰਭਵ ਸੰਘਰਸ਼ ਕੀਤਾ ਜਾਵੇਗਾ | ਜੇ ਹਾਲਾਤ ਨਾ ਸੰਭਾਲੇ ਗਏ ਤਾਂ ਭਾਜਪਾ ਲੋਕਾਂ ਦੇ ਨਾਲ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ |