ਅਬੋਹਰ, 6 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਵਿਚ ਗੱਠਜੋੜ ਦੀਆਂ ਕਿਆਸਰਾਈਆਂ ਤਦ ਹੀ ਹਕੀਕਤ ਵਿਚ ਸਾਹਮਣੇ ਆਉਣਗੀਆਂ ਜਦ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਪੰਜਾਬ ਦੀਆਂ ਹੱਕੀ ਮੰਗਾਂ ਮੰਨ ਕੇ ਪੰਜਾਬ ਲਈ ਕੁਝ ਕਰ ਦਿਖਾਵੇ | ਉਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਅਬੋਹਰ ਦੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਚੰਨਣ ਖੇੜਾ ਨੇ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਰਾਜਿੰਦਰ ਸਿੰਘ ਬਰਾੜ ਚੰਨਣ ਖੇੜਾ ਨੇ ਕਿਹਾ ਕਿ ਸਾਲ 2014 ਵਿਚ ਜਦ ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸੀ ਤਦ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਆਏ ਨਰਿੰਦਰ ਮੋਦੀ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਸਟੇਜ ਸਾਂਝੀ ਕਰਦੇ ਹੋਏ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਕੇਂਦਰ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਬਣਨ ਉਪਰੰਤ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਵੀ ਕੀਤਾ ਸੀ | ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਹਰ ਤਰ੍ਹਾਂ ਦੇ ਕਰਜ਼ੇ, ਚਾਹੇ ਉਹ ਆੜ੍ਹਤੀਏ ਦਾ ਹੋਵੇ, ਚਾਹੇ ਪ੍ਰਾਈਵੇਟ ਬੈਂਕਾਂ ਦਾ ਜਾਂ ਕਾਰਪੋਰੇਟਿਵ ਬੈਂਕਾਂ ਦਾ ਸਾਰੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਉਨ੍ਹਾਂ ਲੰਬਾ ਸਮਾਂ ਪੱਗ ਬੰਨ ਕੇ ਪੱਗ ਦੀ ਕਸਮ ਵੀ ਖਾਧੀ ਸੀ ਪਰ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦਾ ਇਕ ਵੀ ਵਾਅਦਾ ਹਾਲੇ ਤੱਕ ਵੀ ਵਫ਼ਾ ਨਹੀਂ ਹੋਇਆ ਤੇ ਪੰਜਾਬ ਦੇ ਲੋਕ ਹਾਲੇ ਵੀ ਉਨ੍ਹਾਂ ਵਾਅਦਿਆਂ ਨੂੰ ਚੇਤੇ ਕਰਦੇ ਹਨ | ਉਨ੍ਹਾਂ ਕਿਹਾ ਕਿ ਯਕੀਨਨ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਨਾਲ ਸਰਕਾਰ ਮੁੜ ਬਣ ਸਕਦੀ ਹੈ ਪਰ ਉਸ ਲਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀਆਂ ਉਕਤ ਮੰਗਾਂ ਵੱਲ ਧਿਆਨ ਦਿੰਦੇ ਹੋਏ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਤਾਂ ਹੀ ਅਕਾਲੀ ਦਲ ਨਾਲ ਗੱਠਜੋੜ ਸੰਭਵ ਹੋ ਸਕਦਾ ਹੈ |