ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਰਾਜਪਾਲ ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ 'ਚ 11 ਤੇ 12 ਫ਼ਰਵਰੀ ਨੂੰ 'ਨਸ਼ਿਆਂ ਵਿਰੁੱਧ ਪੈਦਲ ਯਾਤਰਾ' ਕੱਢੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉਂ ਤਿਆਰੀਆਂ ਸੰਬੰਧੀ ਵੱਖ-ਵੱਖ ਵਿਭਾਗਾਂ ਵਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ 2026 ਨੂੰ ਰਾਜਪਾਲ ਪੰਜਾਬ ਫ਼ਾਜ਼ਿਲਕਾ ਦੇ ਜੱਟ ਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ | ਉਪਰੰਤ ਸੰਜੀਵ ਸਿਨੇਮਾ ਫ਼ਾਜ਼ਿਲਕਾ ਤੋਂ ਘੰਟਾ ਘਰ ਫ਼ਾਜ਼ਿਲਕਾ ਤੱਕ ਪੈਦਲ ਮਾਰਚ ਦੀ ਅਗਵਾਈ ਕਰਨਗੇ | ਇਸ ਤੋਂ ਇਲਾਵਾ ਰਾਜਪਾਲ ਪੰਜਾਬ ਆਸਿਫਵਾਲਾ ਸ਼ਹੀਦੀ ਸਮਾਰਕ ਵਿਖੇ ਵੀ ਨਤਮਸਤਕ ਹੋਣਗੇ | ਇਸ ਮੌਕੇ ਉਨ੍ਹਾਂ ਵਲੋਂ ਸਰਹੱਦੀ ਜ਼ਿਲ੍ਹੇ ਦੀਆਂ ਪਿੰਡ ਸੁਰੱਖਿਆ ਕਮੇਟੀਆਂ (ਵੀ. ਡੀ. ਸੀ.) ਨਾਲ ਮੀਟਿੰਗ ਕੀਤੀ ਜਾਵੇਗੀ | ਜ਼ਿਲ੍ਹਾ ਫ਼ਾਜ਼ਿਲਕਾ ਦੇ ਦੂਜੇ ਦਿਨ ਦੇ ਦੌਰੇ ਦੌਰਾਨ ਰਾਜਪਾਲ ਪੰਜਾਬ 12 ਫਰਵਰੀ 2026 ਨੂੰ ਮਿਊਾਸੀਪਲ ਕਾਰਪੋਰੇਸ਼ਨ ਦਫ਼ਤਰ ਅਬੋਹਰ ਤੋਂ ਡੀ. ਏ. ਵੀ. ਕਾਲਜ ਅਬੋਹਰ ਤੱਕ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਪੈਦਲ ਯਾਤਰਾ ਦੀ ਅਗਵਾਈ ਕਰਨਗੇ | ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਂਅ ਆਪਣਾ ਸੰਦੇਸ਼ ਵੀ ਦੇਣਗੇ | ਪੈਦਲ ਯਾਤਰਾ 'ਚ ਵੱਡੀ ਗਿਣਤੀ ਵਿਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਤੇ ਗੈਰ-ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦੇਣਗੇ | ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫ਼ਿਕ ਨਿਯੰਤਰਨ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ ਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |