ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਦਰ ਥਾਣੇ ਦੇ ਬਾਹਰ ਜਨਰਲ ਰੇਤ ਵਰਕਰ ਯੂਨੀਅਨ ਦੇ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦਾ ਪੁਤਲਾ ਫ਼ੂਕ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਅਤੇ ਇਲਾਕੇ 'ਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ | ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਬੇਗ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕੇ 'ਚ ਸਤਲੁਜ ਕਰੀਕ ਦੇ ਕੋਲ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਠੇਕੇਦਾਰ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਖੇਤਾਂ 'ਚੋਂ ਜ਼ਬਰਦਸਤੀ ਰੇਤ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ | ਜਦੋਂ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਕਥਿਤ ਤੌਰ 'ਤੇ ਧੱਕੇਸ਼ਾਹੀ ਕਰਦਿਆਂ ਕਿਸਾਨ ਦੇ ਲੜਕੇ ਨੂੰ ਹਿਰਾਸਤ ਵਿਚ ਲੈ ਲਿਆ, ਜਿਸ ਤੋਂ ਬਾਅਦ ਮਾਮਲਾ ਹੋਰ ਭਖ ਗਿਆ | ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਕੀਮਤ 'ਤੇ ਨਾਜਾਇਜ਼ ਮਾਈਨਿੰਗ ਤੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ | ਸੁਬੇਗ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਤੇ ਪ੍ਰਸ਼ਾਸਨ ਨੇ ਕਿਸਾਨਾਂ ਦੀ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਦੂਜੇ ਪਾਸੇ, ਸਦਰ ਥਾਣਾ ਦੇ ਐੱਸ. ਐੱਚ. ਓ. ਪ੍ਰਗਟ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਤਲੁਜ ਕਰੀਕ 'ਚ ਸਿਰਫ਼ 'ਡਿਸਿਲਟਿੰਗ' ਦਾ ਕੰਮ ਚੱਲ ਰਿਹਾ ਸੀ | ਇਸ ਦੌਰਾਨ ਸਰਕਾਰੀ ਠੇਕੇਦਾਰ ਤੇ ਨਿੱਜੀ ਠੇਕੇਦਾਰ ਵਿਚਾਲੇ ਵਿਵਾਦ ਹੋਇਆ, ਜਿਸ ਕਾਰਨ ਸਰਕਾਰੀ ਕੰਮ 'ਚ ਰੁਕਾਵਟ ਪਈ | ਉਨ੍ਹਾਂ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ ਅਤੇ ਮੌਕੇ 'ਤੇ ਕੋਈ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ |