ਹੈਰੋਇਨ ਸਮੇਤ ਨੌਜਵਾਨ ਕਾਬੂ-ਮਾਮਲਾ ਦਰਜ
ਅਜੀਤ ਡੈਸਕ
26-02-2026
ਫ਼ਿਰੋਜ਼ਪੁਰ, 25 ਫਰਵਰੀ (ਸੁਖਵਿੰਦਰ ਸਿੰਘ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਸਿਟੀ ਥਾਣਾ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਚਾਰ ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ | ਇਸ ਦੌਰਾਨ ਗੋਲ ਬਾਗ਼ ਇਲਾਕੇ ਵਿਚ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟਣ ਦੀ ਕੋਸ਼ਿਸ਼ ਕੀਤੀ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ ਚਾਰ ਗਰਾਮ ਹੈਰੋਇਨ ਬਰਾਮਦ ਹੋਈ |