ਅਬੋਹਰ, 27 ਫਰਵਰੀ (ਵਿਵੇਕ ਹੂੜੀਆ)-ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵਲੋਂ ਦਿੱਲੀ ਆਬਕਾਰੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸਾਰੇ ਦੋਸ਼ਾਂ ਤੋਂ ਬਰੀ ਕੀਤੇ ਜਾਣ 'ਤੇ 'ਆਪ' ਵਰਕਰਾਂ 'ਚ ਭਾਰੀ ਖ਼ੁਸ਼ੀ ਮਨਾਈ ਗਈ | ਇਸ ਇਤਿਹਾਸਕ ਫ਼ੈਸਲੇ ਦੀ ਖ਼ੁਸ਼ੀ ਵਿਚ ਹਲਕਾ ਇੰਚਾਰਜ ਅਰੁਣ ਨਾਰੰਗ ਦੇ ਦਫ਼ਤਰ ਵਿਖੇ 'ਆਪ' ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਇਸ ਗੱਲ ਦਾ ਪ੍ਰਤੀਕ ਹੈ ਕਿ ਦੇਸ਼ ਦੀਆਂ ਅਦਾਲਤਾਂ ਹਮੇਸ਼ਾ ਸੱਚ ਦੇ ਨਾਲ ਖੜ੍ਹਦੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਫ਼ੈਸਲੇ ਨਾਲ ਅੰਤ 'ਚ ਸੱਚ ਦੀ ਜਿੱਤ ਹੋਈ ਹੈ ਅਤੇ ਇਹ ਭਾਰਤੀ ਨਿਆਂ ਪ੍ਰਣਾਲੀ ਦੀ ਨਿਰਪੱਖਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਜਿੱਤ ਹੈ | ਨਾਰੰਗ ਨੇ ਸਪੱਸ਼ਟ ਕੀਤਾ ਕਿ ਅਦਾਲਤ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਸਿਆਸੀ ਦੋਸ਼ਾਂ ਤੇ ਪ੍ਰਚਾਰ ਦੇ ਆਧਾਰ 'ਤੇ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ | ਅਰੁਣ ਨਾਰੰਗ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਫ਼ੈਸਲਾ ਸਿੱਧੇ ਤੌਰ 'ਤੇ ਭਾਜਪਾ ਆਗੂਆਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ | ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਗੰਦੀ ਰਾਜਨੀਤੀ ਤਹਿਤ ਕੇਜਰੀਵਾਲ ਤੇ ਸਿਸੋਦੀਆ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਪਰ ਉਹ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੇ |