ਜਲਾਲਾਬਾਦ, 27 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸਿਵਲ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਇਕ 'ਹੈਲਥ ਹੱਬ' ਵਜੋਂ ਵਿਕਸਤ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਲੜੀ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਫ਼ਰੀਦਕੋਟ ਪਹੁੰਚ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ | ਇਸ ਮੀਟਿੰਗ ਦਾ ਮੁੱਖ ਉਦੇਸ਼ ਹਸਪਤਾਲ 'ਚ ਮਾਹਿਰ ਡਾਕਟਰਾਂ ਦੀ ਕਮੀ ਨੂੰ ਦੂਰ ਕਰਨਾ ਤੇ ਟਰਾਮਾ ਸੈਂਟਰ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨਾ ਰਿਹਾ | ਜਾਣਕਾਰੀ ਦਿੰਦੇ ਹੋਏ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦਾ ਮਨੋਰਥ ਜਲਾਲਾਬਾਦ ਦੇ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਸ਼ਹਿਰਾਂ ਵਿਚ ਭਟਕਣ ਤੋਂ ਬਚਾਉਣਾ ਹੈ | ਮੀਟਿੰਗ 'ਚ ਹਸਪਤਾਲ ਦੀ ਬੈੱਡ ਸਮਰੱਥਾ ਵਧਾਉਣ, ਨਵੀਂ ਲੈਬ ਤੇ ਰੇਡਿਓਲੋਜੀ ਸਹੂਲਤਾਂ ਸ਼ੁਰੂ ਕਰਨ ਦੇ ਨਾਲ-ਨਾਲ ਦਵਾਈਆਂ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਉਣ 'ਤੇ ਸਹਿਮਤੀ ਬਣੀ | ਉਨ੍ਹਾਂ ਦੱਸਿਆ ਕਿ ਵੀ. ਸੀ. ਡਾ. ਸੂਦ ਨੇ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਹਸਪਤਾਲ ਦੇ ਵਿਸਤਾਰ ਲਈ ਤਕਨੀਕੀ ਤੇ ਪ੍ਰਸ਼ਾਸਨਿਕ ਪੱਧਰ 'ਤੇ ਪੂਰਾ ਸਹਿਯੋਗ ਦੇਵੇਗੀ ਤਾਂ ਜੋ ਇਸ ਨੂੰ ਇਕ ਮਾਡਲ ਹੈਲਥ ਸੈਂਟਰ ਬਣਾਇਆ ਜਾ ਸਕੇ |