ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਭਰ 'ਚ ਸੇਵਾਵਾਂ ਨਿਭਾ ਰਹੇ ਨਸ਼ਾ ਛੁਡਾਊ ਮੁਲਾਜ਼ਮਾਂ ਨੇ ਹੁਣ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ | ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜਤਾਲ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਨੇ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮੁਲਾਜ਼ਮ ਫ਼ਰੰਟ ਲਾਈਨ 'ਤੇ ਰਹਿ ਕੇ ਦਿਨ-ਰਾਤ ਮਿਹਨਤ ਕਰ ਰਹੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਸਿਰਫ਼ ਭਰੋਸੇ ਹੀ ਮਿਲੇ ਹਨ, ਕੋਈ ਠੋਸ ਨਤੀਜਾ ਨਹੀਂ ਨਿਕਲਿਆ | ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 5 ਮਾਰਚ ਤੱਕ ਕੋਈ ਹੱਲ ਨਾ ਕੱਢਿਆ ਗਿਆ ਤਾਂ ਇਹ ਹੜਤਾਲ ਮੰਗਾਂ ਮੰਨੇ ਜਾਣ ਤੱਕ ਅਣਮਿਥੇ ਸਮੇਂ ਲਈ ਜਾਰੀ ਰੱਖੀ ਜਾ ਸਕਦੀ ਹੈ | ਸਮੂਹ ਮੁਲਾਜ਼ਮਾਂ ਨੂੰ ਇਸ ਮੁਹਿੰਮ ਵਿਚ ਇਕਜੁੱਟ ਹੋ ਕੇ ਚੰਡੀਗੜ੍ਹ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ |