ਮੰਡੀ ਲਾਧੂਕਾ, 3 ਮਾਰਚ ( ਛਾਬੜਾ)-ਈ.ਟੀ.ਟੀ.ਅਧਿਆਪਕ ਯੂਨੀਅਨ ਨੇ ਸਪੈਸ਼ਲ ਕਾਡਰ ਦੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਕਿਹਾ ਹੈ ਸਪੈਸ਼ਲ ਕਾਡਰ ਦੇ ਅਧਿਆਪਕਾਂ ਵਲੋਂ ਮੋਹਾਲੀ ਵਿਖੇ ਆਪਣੀਆਂ ਵਾਜਬ ਮੰਗਾਂ ਦੇ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਇਨ੍ਹਾਂ ਅਧਿਆਪਕਾਂ ਤੇ ਲਾਠੀਚਾਰਜ ਕਰਕੇ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ, ਇਸ ਦੌਰਾਨ ਬਹੁਤ ਸਾਰੇ ਅਧਿਆਪਕ ਗੰਭੀਰ ਜ਼ਖ਼ਮੀ ਹੋਏ ਹਨ | ਉਨ੍ਹਾਂ ਨੇ ਕਿਹਾ ਹੈ ਆਪ ਨੇ ਇਨ੍ਹਾਂ ਅਧਿਆਪਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਪੱਕਾ ਕੀਤੇ ਜਾਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦਾ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੂਰਾ ਨਹੀਂ ਹੋਇਆ ਹੈ | ਉਨ੍ਹਾਂ ਨੇ ਕਿਹਾ ਹੈ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਸਪੈਸ਼ਲ ਕਾਡਰ ਦੇ ਅਧਿਆਪਕਾਂ ਤੇ ਕੀਤੇ ਗਏ ਲਾਠੀਚਾਰਜ ਦੇ ਕਾਰਨ ਕਈ ਅਧਿਆਪਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ, ਉਹ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ | ਉਨ੍ਹਾਂ ਨੇ ਕਿਹਾ ਹੈ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਪੱਗਾਂ ਨੂੰ ਸ਼ਰੇਆਮ ਉਛਾਲ ਕੇ ਪਤਾ ਨਹੀਂ ਕੀ ਸਾਬਤ ਕਰਨਾ ਚਾਹੁੰਦੀ ਹੈ | ਉਨ੍ਹਾਂ ਨੇ ਕਿਹਾ ਹੈ ਇਨ੍ਹਾਂ ਅਧਿਆਪਕਾਂ ਦੀਆ ਮੰਗਾਂ ਮਨਵਾਉਣ ਲਈ ਸਾਰੀਆਂ ਅਧਿਆਪਕ ਅਤੇ ਭਰਾਤਰੀ ਜਥੇਬੰਦੀਆਂ ਮਿਲ ਕੇ ਇਨ੍ਹਾਂ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ |