ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਚਾਣਕਿਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮ-ਧਾਮ ਨਾਲ ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਜੋਤ ਜਗਾ ਕੇ ਅਤੇ ਸਰਸਵਤੀ ਪੂਜਾ ਨਾਲ ਕੀਤੀ ਗਈ | ਸਮਾਰੋਹ ਦਾ ਮੁੱਖ ਉਦੇਸ਼ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਵੱਖ-ਵੱਖ ਗਤੀਵਿਧੀਆਂ ਅਤੇ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣਾ ਸੀ | ਸਮਾਗਮ ਦੌਰਾਨ ਪ੍ਰੀਖਿਆਵਾਂ ਅਤੇ ਖੇਡਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ, ਦੂਜੇ ਸਥਾਨ 'ਤੇ ਰਹਿਣ ਵਾਲਿਆਂ ਨੂੰ ਚਾਂਦੀ ਅਤੇ ਤੀਜੇ ਸਥਾਨ ਵਾਲੇ ਵਿਦਿਆਰਥੀਆਂ ਨੂੰ ਕਾਂਸੀ ਦੇ ਤਗਮਿਆਂ ਨਾਲ ਨਿਵਾਜਿਆ ਗਿਆ | ਇਸ ਤੋਂ ਇਲਾਵਾ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹ ਵਰਧਕ ਸਰਟੀਫਿਕੇਟ ਵੀ ਵੰਡੇ ਗਏ | ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਵੰਦਨਾ ਮੱਕੜ ਨੇ ਇਨਾਮ ਜਿੱਤਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਆਉਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦਾ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਕਾਫ਼ੀ ਸ਼ਲਾਘਾ ਕੀਤੀ |