ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਆਸ਼ਾ ਵਰਕਰਜ਼ ਫੈਸੀਲੀਟੇਟਰ ਯੂਨੀਅਨ ਸਾਂਝਾ ਮੋਰਚਾ ਪੰਜਾਬ ਦੇ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸੂਬਾ ਮੀਤ ਪ੍ਰਧਾਨ ਦੁਰਗੋ ਬਾਈ, ਜ਼ਿਲ੍ਹਾ ਪ੍ਰਧਾਨ ਕਿਰਨ ਬਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਨੀਲਮ ਰਾਣੀ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਵਰਕਰਾਂ ਨੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਸਰਕਾਰ ਦੇ ਨਾਂ ਇਕ ਮੰਗ ਪੱਤਰ ਸੌਂਪਿਆ | ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਦੌਰਾਨ ਆਸ਼ਾ ਵਰਕਰਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਵਰਕਰਾਂ ਲਈ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ | ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਮਜ਼ਦੂਰੀ ਕਾਨੂੰਨ ਦੇ ਘੇਰੇ ਵਿਚ ਲਿਆ ਕੇ 26,000 ਰੁਪਏ ਮਾਣ ਭੱਤਾ ਦਿੱਤਾ ਜਾਵੇ | ਸੇਵਾਮੁਕਤ ਹੋਣ 'ਤੇ ਵਰਕਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ | ਫੈਸੀਲੀਟੇਟਰਾਂ ਨੂੰ ਹਰ ਮਹੀਨੇ 10,000 ਰੁਪਏ ਟੂਰ ਭੱਤਾ ਦਿੱਤਾ ਜਾਵੇ | 8 ਮਾਰਚ ਤੋਂ ਲਾਗੂ ਹੋਣ ਵਾਲਾ 1000 ਰੁਪਏ ਮਹਿਲਾ ਭੱਤਾ ਬਿਨਾਂ ਕਿਸੇ ਸ਼ਰਤ ਦੇ ਦਿੱਤਾ ਜਾਵੇ | ਚੌਥਾ ਦਰਜਾ ਭਰਤੀ ਵਿਚ ਆਸ਼ਾ ਵਰਕਰਾਂ ਲਈ 100 ਪ੍ਰਤੀਸ਼ਤ ਰਾਖਵਾਂ ਕੋਟਾ ਰੱਖਿਆ ਜਾਵੇ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ 11 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸੁਸ਼ਮਾ ਰਾਣੀ, ਰਜਨੀ ਬਾਲਾ, ਪ੍ਰਮਿਲਾ ਦੇਵੀ, ਰਾਜ ਰਾਣੀ, ਸੂਰਜ ਕੌਰ, ਅਵਿਨਾਸ਼ ਰਾਣੀ, ਸੁਮਨ ਰਾਣੀ, ਦੀਪਿਕਾ, ਸਿਮਰਜੀਤ ਕੌਰ ਅਤੇ ਵੀਨਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ |