ਫ਼ਾਜ਼ਿਲਕਾ, 5 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਸਰਹੱਦੀ ਖੇਤਰ ਦੀ ਸੁਰੱਖਿਆ ਪੁਖ਼ਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ | ਇਹ ਹੁਕਮ ਫ਼ੌਜ, ਬੀ.ਐੱਸ.ਐਫ., ਪੁਲਿਸ, ਠੇਕੇਦਾਰ 'ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ 'ਤੇ ਲਾਗੂ ਨਹੀਂ ਹੋਣਗੇ | ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਬ ਜੇਲ੍ਹ ਫ਼ਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁੱਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ ਵਿਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਈਲ ਫ਼ੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿਚ ਮਦਦ ਕਰਨ ਵਾਲੀ ਸਮਗਰੀ ਦੀ ਸਪਲਾਈ ਕਰ ਸਕਦਾ ਹੈ | ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਖ਼ਤਰਾ ਪੈਦਾ ਹੋ ਸਕਦਾ ਹੈ | ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿੱਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿੰਮ ਕਾਰਡ ਰੱਖਣ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ |