ਅਬੋਹਰ, 5 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਨੈਸ਼ਨਲ ਸਰਵਿਸ ਸਕੀਮ ਦੇ ਸੱਤ ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ | ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਹੈ | ਕੈਂਪ ਦੇ ਉਦਘਾਟਨੀ ਸਮਾਰੋਹ ਵਿਚ ਪਿ੍ੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਐੱਨ.ਐੱਸ.ਐੱਸ.ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਦੇਸ਼ ਪ੍ਰੇਮ ਦਾ ਪਾਠ ਪੜ੍ਹਾਉਂਦੀਆਂ ਹਨ | ਉਨ੍ਹਾਂ ਵਲੰਟੀਅਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੇਵਾ ਹੀ ਪਰਮ ਧਰਮ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਹੀ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਲੜਨ ਦੀ ਪ੍ਰੇਰਨਾ ਮਿਲਦੀ ਹੈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ | ਕੈਂਪ ਦੇ ਪ੍ਰੋਗਰਾਮ ਅਫ਼ਸਰ ਡਾ.ਬਬੀਤਾ ਖੈਰਵਾ ਨੇ ਦੱਸਿਆ ਕਿ ਸੱਤ ਦਿਨਾਂ ਦੌਰਾਨ ਵਿਦਿਆਰਥੀ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਪ੍ਰਤੀ ਵੀ ਜਾਗਰੂਕ ਕਰਨਗੇ ਅਤੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ |