ਫ਼ਾਜ਼ਿਲਕਾ,7 ਮਾਰਚ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ 9.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਵਿਧਾਇਕ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਇਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ | ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਸੜਕਾਂ ਨੂੰ ਚੌੜਾ ਅਤੇ ਨਵਾਂ ਬਣਾਉਣ ਦੀ ਮੁਹਿੰਮ ਵਿੱਢੀ ਗਈ ਹੈ | ਇਸ ਤਹਿਤ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਤੱਕ, ਬੰਨਵਾਲਾ ਹਨਵੰਤਾ ਤੋਂ ਜੰਡਵਾਲਾ ਖਰਤਾ, ਸਾਬੂਆਣਾ ਅਤੇ ਬਾਂਡੀ ਵਾਲਾ ਤੱਕ ਦੀਆਂ ਸੜਕਾਂ ਨੂੰ ਚੌੜਾ ਕੀਤਾ ਜਾਵੇਗਾ | ਇਨ੍ਹਾਂ ਪ੍ਰੋਜੈਕਟਾਂ 'ਤੇ ਕੁੱਲ 9.12 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ | ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਵਿਧਾਇਕ ਸਵਨਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਉੱਥੇ ਹੀ ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਵਿਧਾਇਕ ਸਵਨਾ ਨੇ ਮੌਕੇ 'ਤੇ ਮੌਜੂਦ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਹਿਲ ਦੇ ਆਧਾਰ 'ਤੇ ਹੱਲ ਯਕੀਨੀ ਬਣਾਇਆ ਜਾਵੇ |