ਫ਼ਾਜ਼ਿਲਕਾ, 10 ਮਾਰਚ (ਅਮਰਜੀਤ ਸ਼ਰਮਾ)-ਪੰਜਾਬ ਸਟੇਟ ਯੂਥ ਲੜਕੇ ਬਾਕਸਿੰਗ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਨ ਵਾਲੀ ਟੀਮ ਦੀ ਚੋਣ ਲਈ 14 ਮਾਰਚ ਨੂੰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਟਰਾਇਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਹ ਟਰਾਇਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਟਰਾਇਲ ਮੁਕਾਬਲੇ ਸਵੇਰੇ 10 ਵਜੇ ਸ਼ੁਰੂ ਹੋਣਗੇ, ਜਿਨ੍ਹਾਂ ਵਿਚ ਯੂਥ ਅੰਡਰ-19 ਵਰਗ ਦੇ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ | ਇਨ੍ਹਾਂ ਟਰਾਇਲਾਂ ਵਿਚ ਚੁਣੇ ਗਏ ਖਿਡਾਰੀ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਟੀਮ ਵੱਲੋਂ ਖੇਡਣਗੇ | ਇਨ੍ਹਾਂ ਟਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਜਨਮ ਸਾਲ 2008 ਅਤੇ 2009 ਦੇ ਵਿਚਕਾਰ ਹੋਣਾ ਚਾਹੀਦਾ ਹੈ | ਖਿਡਾਰੀ 47-50, 55, 60, 65, 70, 75, 80, 85, 90 ਅਤੇ 90 ਪਲੱਸ ਕਿੱਲੋਗਰਾਮ ਭਾਰ ਵਰਗ ਵਿਚ ਹਿੱਸਾ ਲੈ ਸਕਦੇ ਹਨ | ਟਰਾਇਲ ਲਈ ਆਉਣ ਵਾਲੇ ਖਿਡਾਰੀਆਂ ਕੋਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਹੋਣੀ ਲਾਜ਼ਮੀ ਹੈ |