ਜਲਾਲਾਬਾਦ, 10 ਮਾਰਚ (ਹਰਪ੍ਰੀਤ ਸਿੰਘ ਪਰੂਥੀ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਲਾਕ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕੀਤੀ ਗਈ | ਜਿਸ 'ਚ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਨੂਰ ਸਮੰਦ, ਸੁਖਚੈਨ ਸਿੰਘ ਸੋਢੀ, ਖ਼ਜ਼ਾਨਚੀ ਮਹਿੰਦਰ ਸਿੰਘ ਬਰਾਂਚ ਦੇ ਸਕੱਤਰ ਸਤਪਾਲ ਸਿੰਘ, ਕੁੰਦਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੇ ਦੌਰਾਨ ਲੋਕਲ ਪੱਧਰ ਤੇ ਵਰਕਰਾਂ ਨੂੰ ਫ਼ੀਲਡ ਵਿਚ ਆ ਰਹੀਆਂ ਮੁਸ਼ਕਲਾਂ ਜਿਵੇਂ ਕਿ ਵਾਟਰ ਸਪਲਾਈ ਸਕੀਮਾਂ ਤੇ ਰਿਪੇਅਰ ਦੇ ਹੋਣ ਵਾਲੇ ਜ਼ਰੂਰੀ ਕੰਮ ਕਰਵਾਉਣ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਵਿਚ ਅਣਦੇਖੀ ਕਰਨਾ ਸਮੇਤ ਹੋਰ ਕਈ ਏਜੰਡਿਆਂ ਤੇ ਵਿਚਾਰ ਚਰਚਾ ਕਰਨ ਉਪਰੰਤ ਕਈ ਮਤੇ ਪਾਸ ਕੀਤੇ ਗਏ | ਇਸ ਮੌਕੇ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਨੇ ਕਿਹਾ ਕਿ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਹਲਕੇ ਦੇ ਪਿੰਡਾਂ ਵਿਚ ਮਿਤੀ 26, 27 ਅਤੇ 28 ਮਾਰਚ 2026 ਨੂੰ ਲਗਾਤਾਰ 3 ਦਿਨ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਇਕ ਵਰਕਰ ਦੇ ਰੂਪ 'ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ, ਆਊਟ ਸੋਰਸ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ਤੇ ਸਬੰਧਿਤ ਵਿਭਾਗ 'ਚ ਮਰਜ਼ ਕਰਕੇ, ਈ.ਪੀ.ਐਫ ਅਤੇ ਈ.ਐੱਸ.ਆਈ.ਸੀ.ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਿਸੀ (ਤਜਵੀਜ਼) ਨੂੰ ਲਾਗੂ ਕਰਕੇ ਵਰਕਰਾਂ ਦਾ ਪੱਕਾ ਰੁਜ਼ਗਾਰ ਦਾ ਪ੍ਰਬੰਧ ਕਰਨਾ ਅਤੇ ਜਦੋਂ ਤੱਕ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਕਾਨੂੰਨ 1948 ਅਤੇ 1957 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰਕੇ ਤਨਖ਼ਾਹ ਨਿਸ਼ਚਿਤ ਕਰਕੇ ਘੱਟੋ-ਘੱਟ ਉਜਰਤ 34244 ਰੁਪਏ ਲਾਗੂ ਕਰਨਾ | ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰ ਜੋਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਕਾਮਿਆਂ ਦੇ ਵਾਰਸਾਂ ਨੂੰ ਵੀ ਪੱਕੀ ਨੌਕਰੀ ਦੇਣਾ | ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ ਕਰਨ ਦੇ ਫ਼ੈਸਲਾ ਨੂੰ ਤੁਰੰਤ ਵਾਪਸ ਲੈਣਾ | ਆਦਿ ਮੰਗਾਂ ਦਾ ਹੱਲ ਕੀਤਾ ਜਾਵੇ |