ਅਬੋਹਰ, 10 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਮਨਾਇਆ ਜਾਵੇਗਾ | ਸ਼ਹੀਦੀ ਦਿਹਾੜਾ ਮਨਾਉਣ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਮੇਟੀ ਪ੍ਰਧਾਨ ਨੋਪਾ ਰਾਮ ਦੀ ਪ੍ਰਧਾਨਗੀ ਹੇਠ ਸੰਘਰਸ਼ ਕਮੇਟੀ ਦੇ ਦਫ਼ਤਰ ਨਹਿਰੀ ਕਾਲੋਨੀ ਵਿਖੇ ਕੀਤੀ ਗਈ | ਅੱਜ ਦੀ ਮੀਟਿੰਗ ਵਿਚ ਸਭ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਵਲੋਂ8 ਮਾਰਚ ਨੂੰ ਬਜਟ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਮਨਵਾਉਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੇ ਜਾ ਰਹੇ ਸ਼ਾਂਤੀਪੂਰਨ ਸੰਘਰਸ਼ ਦੌਰਾਨ ਲਾਠੀਚਾਰਜ ਅਤੇ ਅੱਥਰੂ ਗੈੱਸ ਗੋਲੇ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਮੰਗਾਂ ਮੰਨਣ ਦੀ ਬਜਾਏ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਮੁਲਤਵੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਧੂਰੇ ਰਹਿ ਗਏ ਹਨ ਸਗੋਂ ਦੇਸ਼ ਦੀ ਸਰਕਾਰ ਅਤੇ ਰਾਜ ਦੀ ਸਰਕਾਰ ਜਾਤਾਂ-ਪਾਤਾਂ ਵਿਚ ਵੰਡੀਆਂ ਜਾ ਰਹੀਆਂ ਹਨ | ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ ਸੰਬੰਧੀ ਅਗਲੀ ਮੀਟਿੰਗ 17 ਮਾਰਚ ਨੂੰ ਰੱਖੀ ਗਈ ਹੈ | ਇਸ ਮੌਕੇ ਨੋਪਾ ਰਾਮ, ਜਰਨੈਲ ਸਿੰਘ, ਸਰਬਜੀਤ ਸਿੰਘ, ਲਾਲ ਚੰਦ ਸੱਪਾਂਵਾਲੀ, ਮਾਇਆ ਪ੍ਰਕਾਸ਼, ਵਿਜੈ ਕੁਮਾਰ, ਸੁਰੇਸ਼ ਸਿੰਘ, ਬਖ਼ਸ਼ੀਸ਼ ਸਿੰਘ, ਇੰਦਰ ਮੋਹਨ, ਮੰਗਲ ਸਿੰਘ, ਕਰਮ ਸਿੰਘ, ਪਰਮਿੰਦਰ ਸਿੰਘ ਆਦਿ ਆਗੂ ਸ਼ਾਮਲ ਹੋਏ |