ਫ਼ਾਜ਼ਿਲਕਾ,11 ਮਾਰਚ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਆਪਣੀਆਂ ਨੌਕਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਫ਼ਾਜ਼ਿਲਕਾ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਣ ਉਪਰੰਤ ਡੀ.ਸੀ. ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਆਗੂ ਪ੍ਰੋਫ਼ੈਸਰ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਮਾਣਯੋਗ ਸੁਪਰੀਮ ਕੋਰਟ ਵਲੋਂ ਇਕ ਵਾਰ ਭਰਤੀ ਰੱਦ ਕੀਤੀ ਗਈ ਹੈ ਪਰ ਇਹ ਅੰਤਿਮ ਫ਼ੈਸਲਾ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜੇ ਵੀ ਕਈ ਰਾਹ ਮੌਜੂਦ ਹਨ ਜਿਨ੍ਹਾਂ ਰਾਹੀਂ ਇਸ ਭਰਤੀ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ | ਪ੍ਰੋਫ਼ੈਸਰ ਸੁਖਮਨਪ੍ਰੀਤ ਕੌਰ ਨੇ ਚਿੰਤਾ ਪ੍ਰਗਟਾਈ ਕਿ ਭਰਤੀ ਰੱਦ ਹੋਣ ਨਾਲ 1158 ਪਰਿਵਾਰਾਂ ਦਾ ਭਵਿੱਖ ਦਾਅ 'ਤੇ ਲੱਗ ਜਾਵੇਗਾ ਅਤੇ ਸਰਕਾਰੀ ਕਾਲਜਾਂ ਦੀ ਹਾਲਤ ਹੋਰ ਵੀ ਤਰਸਯੋਗ ਹੋ ਜਾਵੇਗੀ | ਪ੍ਰੋਫ਼ੈਸਰ ਅਮਰਜੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦਾ ਰੁਜ਼ਗਾਰ ਸੁਰੱਖਿਅਤ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਵੱਡਾ ਸਿਆਸੀ ਨੁਕਸਾਨ ਝੱਲਣਾ ਪਵੇਗਾ | ਪ੍ਰੋਫ਼ੈਸਰ ਰੇਣੂ ਬਾਲਾ ਨੇ ਵਿਭਾਗ ਵਲੋਂ ਛੁੱਟੀਆਂ 'ਤੇ ਲਗਾਈ ਪਾਬੰਦੀ ਨੂੰ ਗੈਰ-ਮਨੁੱਖੀ ਕਰਾਰ ਦਿੱਤਾ | ਫ਼ਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ 15 ਮਾਰਚ 2026 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਗੰਭੀਰਪੁਰ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਡੀ.ਟੀ.ਐਫ. ਪੰਜਾਬ ਅਤੇ ਹੋਰ ਭਰਾਤਰੀ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਵੀ ਸਮਰਥਨ ਲਈ ਮੌਜੂਦ ਸਨ |