ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਅੱਜ ਸੀ.ਐੱਚ.ਸੀ.ਖੂਈ ਖੇੜਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਆਸ਼ਾ ਵਰਕਰਾਂ, ਏ.ਐਨ.ਐਮਜ਼ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਐੱਚ.ਪੀ.ਵੀ.ਵੈਕਸੀਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤਾਂ ਜੋ ਉਹ ਸਕੂਲਾਂ ਅਤੇ ਪਿੰਡਾਂ ਵਿਚ ਇਸ ਵੈਕਸੀਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾ ਸਕਣ | ਡਾ.ਕਵਿਤਾ ਸਿੰਘ ਨੇ ਕਿਹਾ ਕਿ ਆਸ਼ਾ ਵਰਕਰਾਂ ਦੀ ਭੂਮਿਕਾ ਸਿਰਫ਼ ਟੀਕਾਕਰਨ ਤੱਕ ਸੀਮਤ ਨਹੀਂ ਹੈ, ਉਨ੍ਹਾਂ ਨੂੰ ਪਿੰਡਾਂ ਵਿਚ ਸਰਵੇ ਦੌਰਾਨ ਬੀ.ਪੀ.ਅਤੇ ਸ਼ੂਗਰ ਦੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਇਲਾਜ ਦਾ ਪ੍ਰਬੰਧ ਵੀ ਯਕੀਨੀ ਬਣਾਉਣਾ ਚਾਹੀਦਾ ਹੈ | ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐੱਚ.ਪੀ.ਵੀ. ਵੈਕਸੀਨ ਉਪਲਬਧ ਕਰਵਾ ਦਿੱਤੀ ਗਈ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਇਹ ਮੁਫ਼ਤ ਟੀਕਾ ਜ਼ਰੂਰ ਲਗਵਾਉਣ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਲਵਪ੍ਰੀਤ ਸਿੰਘ, ਨਰਸਿੰਗ ਸਿਸਟਰ ਸਨੇਹਾ ਅਤੇ ਹੋਰ ਸਟਾਫ਼ ਹਾਜ਼ਰ ਸੀ |