ਅਬੋਹਰ, 11 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਅਤੇ ਗੁਰੂ ਰਾਮਦਾਸ ਸੇਵਕ ਜਥਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 21 ਮਾਰਚ ਦਿਨ ਸ਼ਨੀਵਾਰ ਨੂੰ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਅਬੋਹਰ ਵਿਖੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਜਿਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਸ਼ੁਭਦੀਪ ਸਿੰਘ, ਹਰਮੀਤ ਸਿੰਘ, ਇਕਬਾਲ ਸਿੰਘ ਅਤੇ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਇਸ ਕੀਰਤਨ ਦਰਬਾਰ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਨਿਰਭੈਅ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ, ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਗੁਰਪ੍ਰਤਾਪ ਸਿੰਘ ਪਦਮ, ਗਿਆਨੀ ਗੁਰਜੰਟ ਸਿੰਘ ਜੀ ਐਡੀਸ਼ਨਲ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਬਲਵਿੰਦਰ ਸਿੰਘ ਡਾਲੇ ਕੇ ਅਰਦਾਸੀਏ ਸਿੰਘ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ, ਭਾਈ ਪ੍ਰਕਾਸ਼ ਸਿੰਘ ਆਪ ਸਰਬੱਤ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਇਸ ਤੋਂ ਇਲਾਵਾ 21 ਮਾਰਚ ਸ਼ਨੀਵਾਰ ਨੂੰ ਹੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਵਲੋਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਗੁਰੂ ਸਾਹਿਬਾਨ ਦੇ ਇਤਿਹਾਸ ਵਿਚੋਂ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਅਤੇ ਦਸਤਾਰਬੰਦੀ ਮੁਕਾਬਲਾ ਵੀ ਹੋਵੇਗਾ | ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਨਗਦ ਇਨਾਮ ਵੀ ਦਿੱਤਾ ਜਾਵੇਗਾ | ਇਸ ਦੇ ਨਾਲ ਹੀ 13-13 ਸੰਸਥਾ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ |