ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੌਂਸਲਰ ਪੂਜਾ ਲੂਥਰਾ ਸਚਦੇਵਾ ਅਤੇ ਸਮਾਜ ਸੇਵੀ ਅਜੈ ਸਚਦੇਵਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਕਾਰਜ ਸਾਧਕ ਅਫ਼ਸਰ ਵਿਕਰਮ ਨਾਲ ਇਕ ਅਹਿਮ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿਚ ਸਫ਼ਾਈ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ | ਕੌਂਸਲਰ ਪੂਜਾ ਲੂਥਰਾ ਨੇ ਕਿਹਾ ਕਿ ਲੋਕਾਂ ਨੂੰ ਆਪਣੀਆਂ ਛੋਟੀਆਂ-ਛੋਟੀਆਂ ਲੋੜਾਂ ਲਈ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਨਤਾ ਦੀਆਂ ਮੁਸ਼ਕਲਾਂ ਨੂੰ ਸਿੱਧਾ ਪ੍ਰਸ਼ਾਸਨ ਤੱਕ ਪਹੁੰਚਾ ਕੇ ਹੱਲ ਕਰਵਾਇਆ ਜਾਵੇ | ਸਮਾਜ ਸੇਵੀ ਅਜੈ ਸਚਦੇਵਾ ਨੇ ਵੀ ਸ਼ਹਿਰ ਦੇ ਵਿਕਾਸ ਲਈ ਪ੍ਰਸ਼ਾਸਨ ਅਤੇ ਜਨ-ਪ੍ਰਤੀਨਿਧੀਆਂ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ | ਕਾਰਜ ਸਾਧਕ ਅਫ਼ਸਰ ਵਿਕਰਮ ਨੇ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਨਗਰ ਕੌਂਸਲ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜਿੱਥੇ ਵੀ ਸਫ਼ਾਈ ਜਾਂ ਸੜਕਾਂ ਦੀ ਕਮੀ ਹੈ, ਉੱਥੇ ਪਹਿਲ ਦੇ ਆਧਾਰ 'ਤੇ ਕੰਮ ਸ਼ੁਰੂ ਕਰਵਾਇਆ ਜਾਵੇਗਾ |