ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਵਿ)ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਗਊਆਂ ਦੀ ਦੇਖਭਾਲ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤੇ ਗਊਆਂ ਦਾ ਖ਼ਾਸ ਧਿਆਨ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਚ ਹੋਣ ਵਾਲੇ ਵਿਕਾਸ ਕਾਰਜ ਜਲਦ ਤੋਂ ਜਲਦ ਨੇਪਰੇ ਚਾੜੇ੍ਹ ਜਾਣ | ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਰੱਖ-ਰਖਾਅ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਊਸ਼ਾਲਾ ਵਿਖੇ ਹਰੇ ਚਾਰੇ ਦੀ ਬਿਜਾਈ ਕਰਵਾਈ ਜਾਵੇ ਅਤੇ ਮੁਕੰਮਲ ਸੁਪਰਵੀਜਨ ਕੀਤੀ ਜਾਵੇ| ਉਨ੍ਹਾਂ ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊ ਵੰਸ਼ ਦਾ ਰੋਜ਼ਾਨਾ ਪੱਧਰ ਤੇ ਚੈੱਕ ਅੱਪ ਕੀਤਾ ਜਾਵੇ ਤਾਂ ਜੋ ਗਊ ਵੰਸ਼ ਨੂੰ ਸਿਹਤ ਪੱਖੋਂ ਪ੍ਰੇਸ਼ਾਨੀ ਨਾ ਆਵੇ | ਇਸ ਦੌਰਾਨ ਉਨ੍ਹਾਂ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਵਿਚ ਚੱਲ ਰਹੇ ਬਾਇਓ ਗੈੱਸ ਪਲਾਂਟ ਦਾ ਵੀ ਦੌਰਾ ਕੀਤਾ ਅਤੇ ਇਸ ਬਾਰੇ ਮੁਕੰਮਲ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੰੂ ਸੁਚਾਰੂ ਢੰਗ ਨਾਲ ਚਲਾਉਣ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਉਨ੍ਹਾਂ ਨਰੇਗਾ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਲੋੜੀਂਦੀ ਮਾਤਰਾ ਵਿਚ ਗਊਸ਼ਾਲਾ ਵਿਖੇ ਲੇਬਰ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਖੇ 800 ਦੇ ਕਰੀਬ ਗਊ ਵੰਸ਼ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਕੈਟਲ ਪੌਂਡ ਨੂੰ ਹੋਰ ਬਿਹਤਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਗਊਸ਼ਾਲਾ ਮੈਨੇਜਮੈਂਟ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੰੂ ਦਰਸਾਈਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਵੱਖ-ਵੱਖ ਦਾਨੀ ਸਜਣਾ ਵੱਲੋਂ ਸਮੇਂ-ਸਮੇਂ 'ਤੇ ਦਾਨ-ਪੁੰਨ ਦੀ ਸੇਵਾ ਨਿਭਾਈ ਜਾਂਦੀ ਹੈ | ਉਨ੍ਹਾਂ ਹੋਰਨਾਂ ਲੋਕਾਂ ਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਗਊਸ਼ਾਲਾ ਵਿਖੇ ਵੱਧ ਤੋਂ ਵੱਧ ਦਾਨ ਦਿੱਤਾ ਜਾਵੇ ਤਾਂ ਜੋ ਗਉਵੰਸ਼ ਦੀ ਹੋਰ ਬਿਹਤਰੀਨ ਢੰਗ ਨਾਲ ਸੰਭਾਲ ਕੀਤੀ ਜਾ ਸਕੇ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ, ਡੀ.ਡੀ.ਪੀ.ਓ ਹਰਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਨਦੀਪ ਸਿੰਘ, ਸਹਾਇਕ ਡਾਇਰੈਕਟਰ ਰਾਜੇਸ਼ ਜਜੋਰੀਆ, ਵਿਸ਼ਵਾਸ ਸਿੰਘ, ਪੂਨਮ, ਵਿਪਨ ਕਟਾਰੀਆ, ਸੰਦੀਪ, ਇੰਚਾਰਜ ਗਊਸ਼ਾਲਾ ਸੋਨੰੂ ਕੁਮਾਰ ਆਦਿ ਮੌਜੂਦ ਸਨ |