ਫ਼ਾਜ਼ਿਲਕਾ, 27 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ | ਪੰਜਾਬ ਸਰਕਾਰ ਵਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫ਼ੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਸੈਦੋ ਕੇ ਉਤਾੜ (ਚਾਂਦ ਮਾਰੀ) ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਂਦਿਆਂ ਹੀ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿਚ ਮਿਸਾਲੀ ਕਾਰਜ ਕਰਕੇ ਦਿਖਾਏ ਹਨ | ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤੋਂ ਲੋਕ ਬਹੁਤ ਖ਼ੁਸ਼ ਹਨ | ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ | ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ | ਇਸ ਦੇ ਨਾਲ ਪੰਜਾਬ ਸਰਕਾਰ ਵਲੋਂ ਘਰਾਂ ਲਈ 600 ਯੂਨਿਟ ਤੱਕ ਬਿਜਲੀ ਮੁਫ਼ਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਤੇ ਖੇਤਾਂ ਵਿਚ ਵੀ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸ ਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪ੍ਰਾਪਤ ਹੋਣਗੇ | ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ | ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ | ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿਚ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ | ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ | ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਟੈੱਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਸੇਵਾਵਾਂ ਨਿਭਾ ਰਹੀ ਹੈ | ਇਸ ਤੋਂ ਇਲਾਵਾ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ |